ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ 'ਚ ਵੀ.ਡੀ.ਸੀਜ ਦੀ ਅਹਿਮ ਭੂਮਿਕਾ: ਗੁਲਾਬ ਚੰਦ ਕਟਾਰੀਆ
- ਰਾਜਪਾਲ ਨੇ ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨਾਲ ਕੀਤੀ ਮੁਲਾਕਾਤ
- ਨਸ਼ਾ ਤਸਕਰੀ ਬਾਰੇ ਸੂਚਨਾ ਦੇਣ ਲਈ ਅੱਗੇ ਆਉਣ ਦੀ ਕੀਤੀ ਅਪੀਲ
- ਪਿੰਡ ਵਿਕਾਸ ਕਾਰਜਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ’ਤੇ ਜ਼ੋਰ
ਹੁਸ਼ਿਆਰਪੁਰ, 24 ਫ਼ਰਵਰੀ:
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਪਿੰਡ ਪੱਧਰ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਾ ਤਸਕਰੀ ਰੋਕਣ ਲਈ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ।
ਰਾਜਪਾਲ ਨੇ ਕਿਹਾ ਕਿ ਵੀ.ਡੀ.ਸੀ. ਮੈਂਬਰ ਪਿੰਡਾਂ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਨੂੰ ਸਚੇਤ ਕਰਨ ਅਤੇ ਸ਼ਾਂਤੀਪੂਰਨ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਨਕਾਰਾਤਮਕ ਰੁਝਾਨਾਂ ਤੋਂ ਦੂਰ ਰਹਿ ਸਕਣ।
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਪਿੰਡ ਪੱਧਰ ’ਤੇ ਸੁਰੱਖਿਆ ਅਤੇ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ। ਰਾਜਪਾਲ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਤਰਕਤਾ ਨਾਲ ਹੀ ਅਪਰਾਧ ਅਤੇ ਨਸ਼ਾ ਤਸਕਰੀ ’ਤੇ ਅੰਕੁਸ਼ ਲਗਾਇਆ ਜਾ ਸਕਦਾ ਹੈ।
ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਸੰਦੀਪ ਕੁਮਾਰ ਮਲਿਕ, ਏ ਡੀ ਸੀ ਨਿਕਾਸ ਕੁਮਾਰ ਅਤੇ ਐਸ ਡੀ ਐਮ ਮੁਕੇਰੀਆਂ ਓਇਸ਼ੀ ਮੰਡਲ ਵੀ ਮੌਜੂਦ ਸਨ।
Click to Follow Babushahi Facebook page →