ਰਾਸ਼ਟਰੀ ਏਕਤਾ ਦਿਵਸ: ਨੌਜਵਾਨਾਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 31 ਅਕਤੂਬਰ 2026:ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਮਨਦੀਪ ਸਿੰਘ ਮਾਵੀ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਜੀ ਨੂੰ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ, ਦੂਰਅੰਦੇਸ਼ੀ ਅਤੇ ਦੇਸ਼ ਪ੍ਰਤੀ ਸਮਰਪਣ ਕਾਰਨ 'ਭਾਰਤ ਦਾ ਲੋਹ ਪੁਰਸ਼' ਕਿਹਾ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਨੂੰ ਭਾਰਤੀ ਸੰਘ ਵਿੱਚ ਇਕਜੁੱਟ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਇਤਿਹਾਸਕ ਰਹੀ ਹੈ। ਉਨ੍ਹਾਂ ਦਾ ਜੀਵਨ ਸਾਨੂੰ ਅਨੁਸ਼ਾਸਨ, ਹਿੰਮਤ, ਸਮਰਪਣ ਅਤੇ ਰਾਸ਼ਟਰੀ ਏਕਤਾ ਦੀ ਮਹੱਤਤਾ ਦਾ ਸੰਦੇਸ਼ ਦਿੰਦਾ ਹੈ।
ਡੀ.ਐੱਸ.ਪੀ. ਸ੍ਰੀ ਕਰਮਜੀਤ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪਾਏ ਗਏ ਅਹਿਮ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਦਾਰ ਪਟੇਲ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸਨਾ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਸਲ ਤਾਕਤ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਏਕਤਾ ਵਿੱਚ ਵੱਸਦੀ ਹੈ। ਨੌਜਵਾਨਾਂ ਨੂੰ ਜਾਤ-ਪਾਤ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ ਗਈ। ਇਸ ਦੌਰਾਨ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਉਣ ਦਾ ਪ੍ਰਣ ਵੀ ਲਿਆ।
- Download Babushahi App
-
-