ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਜੇਤੂ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 9 ਜੁਲਾਈ 2026 : ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਇੱਕ ਹੋਰ ਮਾਣਮੱਤੀ ਉਪਲਬਧੀ ਹਾਸਲ ਕਰਦਿਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ ਕਰਵਾਏ 17ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ (2024-25) ਵਿੱਚ ਸਮੂਹ-VIII ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਯੂਨੀਵਰਸਿਟੀ ਦੀ ਟੀਮ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ, ਭਾਰਤ ਸਰਕਾਰ ਵੱਲੋਂ 7 ਜੁਲਾਈ 2026 ਨੂੰ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਦੇ ਸੰਸਦ ਲਾਇਬ੍ਰੇਰੀ ਭਵਨ ਦੇ ਜੀਐੱਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਆਯੋਜਿਤ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸੰਸਦੀ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਿਦਿਆਰਥੀਆਂ ਅਤੇ ਮਾਰਗਦਰਸ਼ਕ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਦੀ ਗੁਣਵੱਤਾ ਭਰਪੂਰ ਸਿੱਖਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਸਮਰੱਥਾ ਅਤੇ ਪ੍ਰਭਾਵਸ਼ਾਲੀ ਸੰਚਾਰ ਹੁਨਰ ਵਿਕਸਤ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।
17ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਯੂਨੀਵਰਸਿਟੀ ਕੋਆਰਡੀਨੇਟਰ ਪ੍ਰੋ. (ਡਾ.) ਪੁਨੀਤ ਪਾਠਕ ਨੇ ਦੱਸਿਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਇਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਆਪਣੀ ਪਰੰਪਰਾ ਨੂੰ ਲਗਾਤਾਰ ਕਾਇਮ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ 15ਵੇਂ ਅਤੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਰਾਸ਼ਟਰੀ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਚੁੱਕੀ ਹੈ।
ਸੰਸਦੀ ਮਾਮਲਿਆਂ ਦਾ ਮੰਤਰਾਲਾ ਪਿਛਲੇ 29 ਸਾਲਾਂ ਤੋਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ ਯੁਵਾ ਸੰਸਦ ਮੁਕਾਬਲੇ ਕਰਵਾ ਰਿਹਾ ਹੈ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਨੂੰ ਭਾਰਤੀ ਸੰਸਦੀ ਲੋਕਤੰਤਰ, ਸੰਸਦੀ ਕਾਰਜਪ੍ਰਣਾਲੀ ਅਤੇ ਪ੍ਰਕਿਰਿਆਵਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਸਵੈ-ਅਨੁਸ਼ਾਸਨ, ਵਿਭਿੰਨ ਵਿਚਾਰਾਂ ਪ੍ਰਤੀ ਸਹਿਣਸ਼ੀਲਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਚਨਾਤਮਕ ਵਿਚਾਰ ਪ੍ਰਗਟ ਕਰਨ ਦੀ ਭਾਵਨਾ ਦਾ ਵਿਕਾਸ ਕਰਨਾ ਹੈ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਗੁਣ, ਆਤਮ-ਵਿਸ਼ਵਾਸ, ਪ੍ਰਭਾਵਸ਼ਾਲੀ ਜਨਤਕ ਭਾਸ਼ਣ ਅਤੇ ਸਿਹਤਮੰਦ ਬਹਿਸ-ਵਿਚਾਰ ਵਟਾਂਦਰੇ ਦੇ ਹੁਨਰ ਨੂੰ ਵੀ ਵਿਕਸਤ ਕਰਦਾ ਹੈ।
- Download Babushahi App
-
-