ਰੁਸਤਮ-ਏ-ਹਿੰਦ ਪਹਿਲਵਾਨ 'ਜੱਸਾ' ਹਲਕਾ ਪੱਟੀ ਤੋਂ AAP ਦੇ ਹਲਕਾ ਇੰਚਾਰਜ ਨਿਯੁਕਤ
ਰਾਕੇਸ਼ ਨਈਅਰ ਚੋਹਲਾ
ਪੱਟੀ/ਤਰਨਤਾਰਨ,28 ਜੁਲਾਈ 2026- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਪੱਟੀ ਲਈ ਰੁਸਤਮ-ਏ-ਹਿੰਦ ਪਹਿਲਵਾਨ ਜਸਕੰਵਰ ਸਿੰਘ (ਜੱਸਾ ਪੱਟੀ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸਟੇਟ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤੇ ਗਏ ਪਾਰਟੀ ਦੇ ਅਧਿਕਾਰਤ ਲੈਟਰ ਪੈਡ ਰਾਹੀਂ ਸਾਂਝੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਜੇਲ੍ਹ ਵਿੱਚ ਹਨ।
ਉਨ੍ਹਾਂ ਦੀ ਗੈਰ-ਮੌਜੂਦਗੀ ਦੌਰਾਨ ਉਨ੍ਹਾਂ ਦੀ ਧਰਮਪਤਨੀ ਪਾਰਟੀ ਦੀਆਂ ਹਲਕਾ ਪੱਟੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। ਹੁਣ ਪਾਰਟੀ ਵੱਲੋਂ ਜਸਕੰਵਰ ਸਿੰਘ ਜੱਸਾ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਹਲਕੇ ਦੀ ਸਿਆਸਤ ਵਿੱਚ ਇੱਕ ਅਹਿਮ ਫ਼ੈਸਲੇ ਵਜੋਂ ਦੇਖਿਆ ਜਾ ਰਿਹਾ ਹੈ।
ਨਵ-ਨਿਯੁਕਤ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ (ਜੱਸਾ ਪੱਟੀ) ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਵਰਕਰਾਂ ਨੂੰ ਨਾਲ ਲੈਕੇ ਚੱਲਣਗੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਤੱਤਪਰ ਰਹਿਣਗੇ।
ਹਲਕੇ ਦੇ ਪਾਰਟੀ ਵਰਕਰਾਂ ਨੇ ਜਸਕੰਵਰ ਸਿੰਘ ਜੱਸਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ। ਸੋਸ਼ਲ ਮੀਡੀਆ 'ਤੇ ਵੀ ਨਵ-ਨਿਯੁਕਤ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।
- Download Babushahi App
-
-