ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ ਸਿਵਲ ਸਰਜਨ ਵੱਲੋਂ ਸੀ.ਐਚ.ਓਜ਼ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 25 ਫਰਵਰੀ 2026 : ਬਠਿੰਡਾ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਨ ਅਤੇ ਲੜਕੀਆਂ ਦੇ ਜਨਮ ਨੂੰ ਸੁਰੱਖਿਅਤ ਤੇ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਸੀ.ਐਚ.ਓਜ਼ ਦੀ ਇਕ ਮਹੱਤਵਪੂਰਣ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਵਿੱਚ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਗਿਰਾਵਟ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸਨੂੰ ਸੁਧਾਰਨ ਲਈ ਮੈਦਾਨੀ ਪੱਧਰ ’ਤੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਉਨ੍ਹਾਂ ਸੀ.ਐਚ.ਓਜ ਨੂੰ ਨਿਰਦੇਸ਼ ਦਿੱਤੇ ਕਿ ਉਹ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਫਾਲੋਅਪ ਕਰਨ, ਸੰਸਥਾਗਤ ਡਿਲਿਵਰੀ ਨੂੰ ਪ੍ਰੋਤਸਾਹਿਤ ਕਰਨ ਅਤੇ ਹਰ ਜਨਮ ਦੀ ਸਹੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ।
ਉਹਨਾਂ ਪੀ.ਸੀ.ਪੀ.ਐਨ.ਡੀ.ਟੀ ਐਕਟ ਤਹਿਤ ਹੋ ਰਹੀਆਂ ਕਾਰਵਾਈਆਂ ਬਾਰੇ ਵੀ ਚਰਚਾ ਕੀਤੀ ਅਤੇ ਜ਼ੋਰ ਦਿੱਤਾ ਗਿਆ ਕਿ ਲਿੰਗ ਜਾਂਚ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਇਸਦੇ ਨਾਲ ਹੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਅਧੀਨ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ।
ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਨੇ ਕਿਹਾ ਕਿ ਸਮਾਜ ਵਿੱਚ ਲੜਕੀ ਦੇ ਜਨਮ ਪ੍ਰਤੀ ਸੋਚ ਬਦਲਣ ਲਈ ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ , ਐਲ.ਐਚ.ਵੀਜ਼ ਅਤੇ ਸੀ.ਐਚ.ਓਜ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸਕੂਲਾਂ, ਕਮਿਊਨਿਟੀ ਮੀਟਿੰਗਾਂ ਅਤੇ ਘਰ-ਘਰ ਸੰਪਰਕ ਰਾਹੀਂ ਲੋਕਾਂ ਨੂੰ ਲਿੰਗ ਸਮਾਨਤਾ ਦਾ ਸੁਨੇਹਾ ਦਿੱਤਾ ਜਾਵੇ।
Click to Follow Babushahi Facebook page →