ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਚਾਰ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਦੋ ਪਿਸਤੌਲਾਂ ਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 13 ਜੁਲਾਈ 2026
ਲੁਧਿਆਣਾ ਪੁਲਿਸ ਨੇ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਚਾਰ ਖ਼ਤਰਨਾਕ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਨਾਜਾਇਜ਼ ਪਿਸਤੌਲਾਂ, ਅੱਠ ਜ਼ਿੰਦਾ ਕਾਰਤੂਸ ਅਤੇ ਇੱਕ ਹੌਂਡਾ ਅਮੇਜ਼ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਹਰਪਾਲ ਸਿੰਘ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ. ਅਤੇ ਸਹਾਇਕ ਕਮਿਸ਼ਨਰ ਪੁਲਿਸ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ. ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਲੁਧਿਆਣਾ ਵੱਲੋਂ ਇਹ ਕਾਰਵਾਈ ਕੀਤੀ ਗਈ। ਇੰਸਪੈਕਟਰ ਅਵਤਾਰ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਫਿਰੋਜ਼ਪੁਰ ਰੋਡ ਸਥਿਤ ਨਹਿਰੀ ਵਿਭਾਗ ਦੀ ਸੁੰਨੀ ਪਈ ਜ਼ਮੀਨ ’ਤੇ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਨੀਤ ਬੈਂਸ ਉਰਫ਼ ਮਨੀ ਵਾਸੀ ਲੇਬਰ ਕਾਲੋਨੀ, ਗੌਰਵ ਡੰਗ ਵਾਸੀ ਬਸਤੀ ਗੁੱਜਰਾਂ, ਨਵੀਨ ਨੇਗੀ ਵਾਸੀ ਗੀਤਾ ਨਗਰ ਤਾਜਪੁਰ ਰੋਡ ਅਤੇ ਅਮਨ ਮਲਿਕ ਉਰਫ਼ ਭੋਲਾ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਚਾਰੇ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੱਕ ਸੰਗਠਿਤ ਅਪਰਾਧਿਕ ਗਿਰੋਹ ਬਣਾਇਆ ਹੋਇਆ ਸੀ ਅਤੇ ਇਹ ਨਾਜਾਇਜ਼ ਅਸਲੇ ਨਾਲ ਲੈਸ ਸਨ।
ਸੀ.ਆਈ.ਏ. ਸਟਾਫ਼ ਨੂੰ ਮਿਲੀ ਖ਼ੁਫ਼ੀਆ ਜਾਣਕਾਰੀ ਮੁਤਾਬਕ ਮੁਲਜ਼ਮ ਹੌਂਡਾ ਅਮੇਜ਼ ਕਾਰ ਨੰਬਰ PB-01-B-7252 ਵਿੱਚ ਬੈਠ ਕੇ ਸ਼ਹਿਰ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਦੀ ਯੋਜਨਾ ਤਿਆਰ ਕਰ ਰਹੇ ਸਨ। ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 200 ਮਿਤੀ 11 ਜੁਲਾਈ 2026 ਅਧੀਨ ਅਸਲਾ ਐਕਟ ਅਤੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਡਿਵੀਜ਼ਨ ਨੰਬਰ-8 ਵਿੱਚ ਕੇਸ ਦਰਜ ਕਰਕੇ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇੱਕ 30 ਬੋਰ ਦਾ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਇੱਕ 32 ਬੋਰ ਦਾ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਘਟਨਾ ਵਿੱਚ ਵਰਤੀ ਜਾ ਰਹੀ ਹੌਂਡਾ ਅਮੇਜ਼ ਕਾਰ ਵੀ ਜ਼ਬਤ ਕਰ ਲਈ ਗਈ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਇਰਾਦਾ ਕਤਲ, ਲੁੱਟ-ਖੋਹ, ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਅਸਲਾ ਐਕਟ ਤਹਿਤ ਕਈ ਮੁਕੱਦਮੇ ਦਰਜ ਹਨ। ਪੁਨੀਤ ਬੈਂਸ ਉਰਫ਼ ਮਨੀ ਖ਼ਿਲਾਫ਼ 17 ਤੋਂ ਵੱਧ ਅਤੇ ਗੌਰਵ ਡੰਗ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ, ਜਦਕਿ ਬਾਕੀ ਮੁਲਜ਼ਮਾਂ ਦਾ ਵੀ ਅਪਰਾਧਿਕ ਰਿਕਾਰਡ ਰਿਹਾ ਹੈ।
ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਅਪਰਾਧਿਕ ਸਾਜ਼ਿਸ਼ਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਲੁਧਿਆਣਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਗੈਂਗਸਟਰਾਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲਿਆਂ ਖ਼ਿਲਾਫ਼ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
- Download Babushahi App
-
-