ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.
- ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਕੀਤਾ ਸੰਬੋਧਨ
ਅੰਮ੍ਰਿਤਸਰ, 26 ਜੁਲਾਈ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।
ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਦਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਰਾਜ ਸਰਕਾਰ ਦੀ ਇੱਕ ਅਹਿਮ ਲੋਕ ਭਲਾਈ ਸਕੀਮ ਹੈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ।
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੰਨੇ ਵਿਕਾਸ ਕਾਰਜ ਹੋਏ ਹਨ, ਉਹ ਪਿਛਲੇ ਕਈ ਦਹਾਕਿਆਂ ਦੌਰਾਨ ਨਹੀਂ ਹੋ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੀ ਤਰੱਕੀ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।
- Download Babushahi App
-
-