ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਦਰਮਿਆਨ ਸਮਝੌਤਾ ਪੰਜਾਬ ਲਈ ਵਰਦਾਨ ਸਾਬਤ ਹੋਵੇਗਾ : ਜੌਲਾ
ਆਪਣੀ ਰਿਹਾਇਸ਼ 'ਤੇ ਇਕੱਠ ਕਰ ਲੋਕਾਂ ਨੂੰ ਲਾਮਬੰਦ ਕੀਤਾ
ਮਲਕੀਤ ਸਿੰਘ ਮਲਕਪੁਰ
ਲਾਲੜੂ 23 ਅਪ੍ਰੈਲ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹੋਏ ਗੱਠਜੋੜ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਇਲਾਕੇ ਦੇ ਲੋਕਾਂ ਨੂੰ ਇਕੱਤਰ ਕਰਕੇ ਖੁਸ਼ੀ ਜਾਹਿਰ ਕੀਤੀ ਅਤੇ ਇਸ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਸਹੀ ਕਰਾਰ ਦਿੱਤਾ। ਜਥੇਦਾਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਦੋਵੇ ਪਾਰਟੀਆਂ ਦੇ ਗੱਠਜੋੜ ਨਾਲ ਜਿੱਥੇ ਪੰਜਾਬ ਨੂੰ ਸਹੀ ਸੇਧ ਮਿਲੇਗੀ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਵਧੀਆ ਪਲੇਟਫਾਰਮ ਮਿਲੇਗਾ। ਉਨ੍ਹਾਂ ਦੱਸਿਆ ਕਿ ਗੱਠਜੋੜ ਨੂੰ ਲੈ ਕੇ ਪੰਜਾਬ ਖਾਸ ਕਰ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਹੱਲ ਕੀਤੇ ਜਾਣਗੇ ਅਤੇ ਪੰਜਾਬ ਵਿੱਚ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਠੱਲ ਪਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੇ ਮੁੱਖ ਮੁੱਦੇ ਕਿਸਾਨੀ ਦੇ ਮਸਲੇ ਵਿੱਚ ਅਹਿਮ ਭੂਮਿਕਾ ਨਿਭਾਵੇਗਾ । ਉਨ੍ਹਾਂ ਕਿਹਾ ਕਿ ਦੋਵੇ ਪਾਰਟੀਆਂ ਦਾ ਗੱਠਜੋੜ ਵਧੀਆ ਪਲੇਟਫਾਰਮ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਵੇਗਾ, ਜਿਸ ਵਿੱਚ ਹਰ ਪੰਜਾਬੀ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਹੋਂਦ ਨੂੰ ਬਚਾਉਣਾ ਹੈ ਤਾਂ ਹਰ ਪੰਜਾਬੀ ਨੂੰ ਆਪਣੀ ਸਮੂਲੀਅਤ ਦੇ ਕੇ ਪਾਰਟੀ ਦੇ ਗੱਠਜੋੜ ਨੂੰ ਮਜ਼ਬੂਤ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਕਈ-ਕਈ ਸਾਲਾਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ, ਪਰ ਉਨ੍ਹਾਂ ਨੂੰ ਬਾਹਰ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੱਠਜੋੜ ਦੀ ਸਰਕਾਰ ਬਨਣ ਉਪਰੰਤ ਪਹਿਲੇ ਦੇ ਅਧਾਰ 'ਤੇ ਬੰਦੀ ਸਿੰਘਾਂ ਦੇ ਮਸਲੇ ਨੂੰ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਾਸ਼ ਸਿੰਘ ਜਵਾਹਰਪੁਰ, ਦਵਿੰਦਰ ਨੰਬਰਦਾਰ, ਸੁਰਿੰਦਰ ਸਿੰਘ ਡੇਰਾਬੱਸੀ,ਨਿਰਮਲ ਸਿੰਘ ਨਾਭਾ, ਸਤਵਿੰਦਰ ਸਿੰਘ ਰਾਮਪੁਰ ਸੈਣੀਆਂ, ਮਨਜੀਤ ਸਿੰਘ ਬਸੌਲੀ, ਮਲਕੀਤ ਸਿੰਘ, ਬਲਜਿੰਦਰ ਸਿੰਘ, ਨੈਬ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਵਰਿੰਦਰ ਸਿੰਘ, ਰਣਜੀਤ ਸਿੰਘ , ਕੁਲਵੰਤ ਸਿੰਘ, ਨਿਸ਼ਾਨ ਸਿੰਘ, ਗੁਰਦੀਪ ਸਿੰਘ, ਕੇਸਰ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ ਆਦਿ ਵੀ ਹਾਜ਼ਰ ਸਨ।
Click to Follow Babushahi Facebook page →