ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਕਿਹਾ- 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ, 23 ਜਨਵਰੀ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਕੱਲ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।