ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਡੇਹਰੀਵਾਲ ਕਿਰਨ ਵਿਖੇ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ
ਸਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁੱਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ
ਰੋਹਿਤ ਗੁਪਤਾ
ਕਲਾਨੌਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ
ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਭਾਰਤ ਲੋਕ ਨਿਰਮਾਣ ਵਿਭਾਗ ਅਧੀਨ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁੱਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਨਾਲ ਇਹ ਵੀ ਕਿਹਾ ਕਿ ਪੁੱਲ ਨੂੰ ਹੋਰ ਚੌੜਾ ਅਤੇ ਲੰਬਾ ਬਣਾਇਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦਾ ਵਹਾਅ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਪਾਣੀ ਜਲਦ ਤੋਂ ਜਲਦ ਪੁੱਲ ਦੇ ਹੇਠੋਂ ਲੰਘ ਸਕੇ।
ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਫੋਨ 'ਤੇ ਗੱਲਬਾਤ ਕਰਕੇ ਬੇਨਤੀ ਕੀਤੀ ਕਿ ਡਰੇਨਜ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਕਿਰਨ ਸਕੀ ਨਾਲ਼ੇ ਨੂੰ ਚੌੜਾ ਕੀਤਾ ਜਾਵੇ ਅਤੇ ਇਸ ਦੀ ਖਾਲਾਈ ਕਰਵਾਈ ਜਾਵੇ, ਤਾਂ ਜੋ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ਲੋਕਹਿਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਜਾਰੀ ਹਨ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਚਹੁਪੱਖੀ ਵਿਕਾਸ ਕੰਮ ਚੱਲ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿੱਚ ਬਿਹਤਰ ਸੜਕਾਂ, ਸਿਹਤ ਸਹੂਲਤਾਂ, ਸਾਫ਼ ਪਾਣੀ ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨਾਲ ਸਾਡਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
- Download Babushahi App
-
-