ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਝੰਡਾ
ਅਸ਼ੋਕ ਵਰਮਾ
ਬਠਿੰਡਾ, 26 ਜਨਵਰੀ 2026: ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਨੇ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਸ਼੍ਰੀ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਤੇ ਬਠਿੰਡਾ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੰਬੋਧਨ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫੀਸਦੀ ਰਾਖਵਾਂਕਰਨ ਦਾ ਉਪਬੰਧ ਵੀ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਉਣ ਵਾਲੀਆਂ ਪੀੜੀਆਂ ਨੂੰ ਇਸ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਸਮਾਗਮਾਂ ਕਰਵਾਏ ਗਏ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਠਿੰਡਾ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹਾ ਅੱਜ ਅਧੁਨਿਕ ਸੜਕਾਂ, ਉੱਚ-ਪਾਏ ਦੀ ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਨਾਲ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ। ਜਿਲ੍ਹੇ ਵਿੱਚ ਬਿਹਤਰ ਆਵਾਜਾਈ ਸਹੂਲਤ ਲਈ ਮੁਲਤਾਨੀਆ ਰੋਡ ‘ਤੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਓਵਰ ਬ੍ਰਿਜ ਤਿਆਰ ਕੀਤਾ ਗਿਆ ਹੈ। ਇਸ ਪੁਲ ਦੇ ਹੇਠਾਂ ਖਾਲੀ ਜਗ੍ਹਾ ਨੂੰ ਜਿਮ ਅਤੇ ਵਾਕਿੰਗ ਟਰੈਕ ਵਾਲੇ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ 63.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰਾਮਪੁਰਾ ਰੇਲਵੇ ਓਵਰ ਬ੍ਰਿਜ ਸਦਕਾ ਰੇਲਵੇ ਫਾਟਕਾਂ ਦੀ ਸਮੱਸਿਆ ਖ਼ਤਮ ਹੋਈ ਅਤੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਯਕੀਨੀ ਹੋਈ। ਜਨਤਾ ਨਗਰ ਰੇਲਵੇ ਅੰਡਰ ਬ੍ਰਿਜ ਲਈ ਵੀ 50.86 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਸਾਡੀ ਸਰਕਾਰ ਦਾ ਮੁੱਖ ਨਿਸ਼ਾਨਾ ਸਿੱਖਿਆ, ਸਿਹਤ ਸਹੂਲਤਾਂ ਅਤੇ ਨੌਜਵਾਨਾਂ ਦਾ ਭਵਿੱਖ ਸਵਾਰਨਾ ਹੈ। ਇਸ ਮਿਸ਼ਨ ਤਹਿਤ ਬਠਿੰਡਾ ਵਿਖੇ 8.74 ਕਰੋੜ ਦੀ ਲਾਗਤ ਨਾਲ ਹਾਈ-ਟੈੱਕ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇੱਥੇ 25 ਹਜ਼ਾਰ ਕਿਤਾਬਾਂ, ਹਾਈ-ਸਪੀਡ ਵਾਈ-ਫਾਈ ਅਤੇ 350 ਬੱਚਿਆਂ ਦੇ ਬੈਠਣ ਦੀ ਸਹੂਲਤ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ 35 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੇ ਮਿਥੇ ਟੀਚਿਆਂ ਨੂੰ ਸਰ ਕਰ ਸਕਣ। ਦਿਵਿਆਂਗ ਵਿਅਕਤੀਆਂ ਲਈ ਪੰਜਾਬ ਦਾ ਪਹਿਲਾ ਆਧੁਨਿਕ ਸੈਂਟਰ ਬਠਿੰਡਾ ਸਿਵਲ ਹਸਪਤਾਲ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 222 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਬੀ.ਡੀ.ਏ/ਪੁੱਡਾ ਵੱਲੋਂ ਦੋ ਨਵੀਆਂ ਅਰਬਨ ਅਸਟੇਟਾਂ 91 ਏਕੜ ਅਤੇ 120 ਏਕੜ ਵਿੱਚ ਵਿਕਸਿਤ ਕੀਤੀਆਂ ਜਾਣੀਆਂ ਹਨ। ਇਨ੍ਹਾਂ ਨੂੰ ਰਿਹਾਇਸ਼ੀ ਅਤੇ ਕਮਰਸ਼ੀਅਲ ਕਲੋਨੀ ਦੇ ਤੌਰ ‘ਤੇ ਵਿਕਸਿਤ ਕੀਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਸਰਕਾਰੀ ਕਲੋਨੀ ਵਿੱਚ ਖੁੱਲ੍ਹੀਆਂ ਸੜਕਾਂ, ਪਾਰਕਾਂ ਆਦਿ ਦੀਆਂ ਸੁਵਿਧਾਵਾਂ ਮਿਲਣਗੀਆਂ। ਨਗਰ ਸੁਧਾਰ ਟਰੱਸਟ ਬਠਿੰਡਾ ਵਲੋਂ ਇੱਕ ਨਵੀਂ ਵਿਕਾਸ ਸਕੀਮ ਤਿਆਰ ਕੀਤੀ ਗਈ ਹੈ। ਜਿਸ ਦਾ ਰਕਬਾ 32.50 ਏਕੜ ਹੈ। ਇਹ ਜਗ੍ਹਾ ਪਿਛਲੇ ਲਗਭਗ 20 ਸਾਲਾਂ ਤੋਂ ਬੇ-ਅਬਾਦ/ਅਣਵਿਕਸਿਤ ਖਾਲੀ ਪਈ ਸੀ।
ਹੁਣ ਮੌਜੂਦਾ "ਆਮ ਆਦਮੀ ਪਾਰਟੀ" ਸਰਕਾਰ ਵਲੋਂ ਵਿਕਾਸ ਦੇ ਕਰਵਾਏ ਜਾ ਰਹੇ ਕੰਮਾਂ ਦੀ ਲੜੀ ਤਹਿਤ ਇਸ ਜਗ੍ਹਾ ਉਪਰ ਰਿਹਾਇਸ਼ੀ-ਕਮ-ਵਪਾਰਕ ਕਲੋਨੀ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਨਾਮ ਤਹਿਤ ਸ਼ਹੀਦ ਭਗਤ ਸਿੰਘ ਇੰਨਕਲੇਵ ਦੇ ਰੂਪ ਵਿਚ ਵਿਕਸਿਤ ਕਰ ਦਿੱਤਾ ਗਿਆ ਹੈ। ਇਸ ਕਲੋਨੀ ਅੰਦਰ 236 ਰਿਹਾਇਸ਼ੀ ਪਲਾਟ ਅਤੇ 75 ਵਪਾਰਕ ਯੂਨਿਟਸ/ਇਕਾਈਆਂ ਤਜਵੀਜ ਕੀਤੀਆਂ ਗਈਆ ਹਨ, ਜਿਸ ਦੇ ਮੱਦੇਨਜ਼ਰ ਆਮ ਪਬਲਿਕ ਨੂੰ ਵਾਜਿਬ ਰੇਟਾਂ (20,000 ਪ੍ਰਤੀ ਵਰਗ ਗਜ਼) ਉੱਪਰ ਪਲਾਟ ਖਰੀਦ ਕੇ ਆਪਣਾ ਘਰ ਬਣਾਏ ਜਾਣ ਦਾ ਸੁਪਨਾ ਸਾਕਾਰ ਹੋ ਸਕੇਗਾ। ਪੰਜਾਬ ਭਰ ਦੇ ਨਗਰ ਸੁਧਾਰ ਟਰੱਸਟਾਂ ਵਿਚ ਕਾਫੀ ਲੰਮੇ ਸਮੇਂ ਬਾਅਦ ਸਰਕਾਰੀ ਵਿਭਾਗ ਵਲੋਂ ਡਰਾਅ ਆਫ ਲਾਟਸ ਦੀ ਸਕੀਮ ਜਾਰੀ ਹੋਈ ਹੈ। ਇਸ ਸਕੀਮ ਨਾਲ ਸ਼ਹਿਰ ਨਿਵਾਸੀਆਂ ਨੂੰ ਅਸਾਨ ਕਿਸ਼ਤਾ ਰਾਹੀਂ ਮਕਾਨ ਮਾਲਕ ਬਣਨ ਦਾ ਸੁਨਿਹਰੀ ਮੌਕਾ ਮਿਲੇਗਾ।
ਉਨ੍ਹਾਂ ਮੁੜ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਮੁੜ ‘ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ' ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਰੁਨੇਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਮੈਡਮ ਹਰਸ਼ਿਤਾ ਸ਼ਰਮਾ ਸਹਾਇਕ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਸੀਐਮਐਫਓ ਸ੍ਰੀ ਰਮਨਜੀਤ, ਮੇਅਰ ਨਗਰ ਨਿਗਮ ਸ਼੍ਰੀ ਪਰਮਜੀਤ ਮਹਿਤਾ, ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਾਮ ਲਾਲ ਜੈਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਆਦਿ ਹਾਜ਼ਰ ਸਨ।