ਵੋਟਰਾਂ ਦੀ ਮੈਪਿੰਗ ਲਈ ਬਠਿੰਡਾ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਾਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ
ਅਸ਼ੋਕ ਵਰਮਾ
ਬਠਿੰਡਾ, 7 ਜੂਨ 2026 : ਭਾਰਤ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਠਿੰਡਾ ਦੇ 1192 ਪੋਲਿੰਗ ਸਟੇਸ਼ਨਾਂ 'ਤੇ ਅੱਜ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨਾ) ਕੈਂਪ ਲਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ, ਮੌੜ ਅਤੇ ਭੁੱਚੋ ਵਿੱਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਕੈਂਪਾਂ ਨੂੰ ਵੋਟਰਾਂ ਦਾ ਚੰਗਾ ਹੁੰਗਾਰਾ ਮਿਲਿਆ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸ਼ੁਰੂ ਹੋਣਾ ਹੈ। 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫਟ ਪ੍ਰਕਾਸ਼ਨਾ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ-2026 ਤੱਕ ਰਹੇਗਾ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1950 'ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-