ਵੋਟਰ ਸੂਚੀਆਂ ਦੀ SIR ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਅਸ਼ੋਕ ਵਰਮਾ
ਬਠਿੰਡਾ, 12 ਜੁਲਾਈ 2026:ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ (ਐਸ.ਆਈ.ਆਰ) ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ - ਕਮ - ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ ਵੱਲੋਂ ਗਣਨਾ ਫਾਰਮਾਂ ਭਰਵਾਉਣ ਅਤੇ ਯੋਗ ਵੋਟਰਾਂ ਤੋਂ ਪ੍ਰਾਪਤ ਹੋਏ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ, ਭਰਨ ਅਤੇ ਉਨ੍ਹਾਂ ਨੂੰ ਇਕੱਤਰ ਕਰਕੇ ਡਿਜੀਟਾਈਜੇਸ਼ਨ ਕਰਨ ਦੀ ਅੰਤਿਮ ਤਾਰੀਖ ਚੋਣ ਕਮਿਸ਼ਨ ਵੱਲੋਂ 24 ਜੁਲਾਈ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਬੂਥ ਲੈਵਲ ਅਫਸਰਾਂ ਵੱਲੋਂ ਲੋਕਾਂ ਨੂੰ ਭਰਨ ਲਈ ਸੌਂਪੇ ਗਏ ਗਣਨਾ ਫਾਰਮ ਤੇਜ਼ੀ ਨਾਲ ਜਮ੍ਹਾ ਕਰਵਾਏ ਜਾਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 8 ਵਿੱਚ ਵੋਟਰ ਕਾਰਡ ਵਿੱਚ ਨਾਮ, ਪਤਾ, ਉਮਰ ਜਾਂ ਫੋਟੋ ਸਬੰਧੀ ਗਲਤੀ ਨੂੰ ਦਰੁਸਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਜਾਂ ਵੋਟ ਕਟਵਾਉਣ ਲਈ ਵੀ ਮਦਦ ਲਈ ਜਾ ਸਕਦੀ ਹੈ। ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਬਿਨੈਕਾਰਾਂ ਨੂੰ ਆਪਣੇ ਨਾਲ ਕੇਵਲ ਇੱਕ ਤਾਜ਼ਾ ਪਾਸਪੋਰਟ ਫੋਟੋ ਲੈ ਕੇ ਆਉਣੀ ਜ਼ਰੂਰੀ ਹੈ।
- Download Babushahi App
-
-