ਵੜਿੰਗ ਨੇ ‘ਸੇਵਾ ਕੇਂਦਰ’ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਕੀਤੀ ਨਿੰਦਾ
ਠੇਕਾ ਅਧਾਰਿਤ ਮੁਲਾਜਮਾਂ ਵਾਂਗ ਇਨ੍ਹਾਂ ਨੂੰ ਵੀ ਰੈਗੂਲਰ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 4 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਸੇਵਾ ਕੇਂਦਰਾਂ’ ਦੇ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪ ਸਰਕਾਰ ਨੇ ਇਨ੍ਹਾਂ ਵਿੱਚੋਂ ਕੁਝ ਮੁਲਾਜਮਾਂ ਨੂੰ ਹੀ ਨੌਕਰੀ ਤੋਂ ਕੱਢ ਦਿੱਤਾ, ਜੋ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਪ ਸਰਕਾਰ ਦਾ ਪੂਰੀ ਤਰ੍ਹਾਂ ਮਨਮਾਨਾ, ਤਾਨਾਸ਼ਾਹੀ ਅਤੇ ਗੈਰ-ਲੋਕਤਾਂਤਰਿਕ ਰਵੱਈਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵੱਖ-ਵੱਖ ‘ਸੇਵਾ ਕੇਂਦਰਾਂ’ ਵਿੱਚ ਕੰਮ ਕਰ ਰਹੇ ਇਹ ਕਰਮਚਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਨੂੰ ਪ੍ਰਸ਼ਾਸਨ ਦੀਆਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਰਮਚਾਰੀ ਵੀ ਹੋਰ ਸਰਕਾਰੀ ਕਰਮਚਾਰੀਆਂ ਵਾਂਗ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਵੜਿੰਗ ਨੇ ਮੰਗ ਕੀਤੀ ਹੈ ਕਿ ਨੌਕਰੀ ਤੋਂ ਕੱਢੇ ਗਏ ਕਰਮਚਾਰੀ ਆਗੂਆਂ ਦੀ ਬਰਖਾਸਤਗੀ ਤੁਰੰਤ ਵਾਪਸ ਲਈ ਜਾਵੇ ਅਤੇ ਇਨ੍ਹਾਂ ਨੂੰ ਹੋਰ ਠੇਕਾ ਅਧਾਰਿਤ ਮੁਲਾਜ਼ਮਾਂ ਦੀ ਤਰ੍ਹਾਂ ਸਰਕਾਰੀ ਨੌਕਰੀ ਵਿੱਚ ਰੈਗੂਲਰ ਕੀਤਾ ਜਾਵੇ।
- Download Babushahi App
-
-