ਵੱਡੀ ਖ਼ਬਰ: ਭਾਨਾ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਕਮਲਜੀਤ ਸੰਧੂ, ਬਰਨਾਲਾ:
ਬਰਨਾਲਾ ਜ਼ਿਲ੍ਹੇ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚਰਚਿਤ ਸਮਾਜਿਕ ਮੁੱਦੇ ਚੁੱਕਣ ਵਾਲੇ ਭਾਨਾ ਸਿੱਧੂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬਰਨਾਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਜ਼ਿਲ੍ਹਾ ਅਦਾਲਤ ਤੋਂ ਉਸ ਵੇਲੇ ਹਿਰਾਸਤ ਵਿੱਚ ਲਿਆ, ਜਦੋਂ ਉਹ ਅਦਾਲਤੀ ਕਾਰਵਾਈ ਤੋਂ ਬਾਅਦ ਬਾਹਰ ਨਿਕਲ ਰਹੇ ਸਨ। ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਿਸ ਟੀਮ ਉਨ੍ਹਾਂ ਨੂੰ ਸਿੱਧਾ ਧਨੌਲਾ ਥਾਣੇ ਲੈ ਗਈ ਹੈ, ਜਿੱਥੇ ਉਨ੍ਹਾਂ ਨੂੰ ਰੱਖਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਨਾ ਸਿੱਧੂ ਅੱਜ ਬਰਨਾਲਾ ਦੇ ਕੋਰਟ ਕੰਪਲੈਕਸ ਵਿੱਚ ਇੱਕ ਪੁਰਾਣੇ ਮਾਮਲੇ ਦੇ ਸਬੰਧ ਵਿੱਚ ਆਪਣੀ ਪੇਸ਼ੀ ਭੁਗਤਣ ਲਈ ਪਹੁੰਚੇ ਸਨ। ਅਦਾਲਤ ਵਿੱਚ ਪੇਸ਼ੀ ਭੁਗਤਣ ਤੋਂ ਬਾਅਦ, ਉਹ ਜਹਾਂਗੀਰ ਫੈਕਟਰੀ ਮਾਮਲੇ ਨਾਲ ਸਬੰਧਤ ਪ੍ਰਭਾਵਿਤ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਣ ਵਾਲੇ ਸਨ। ਪ੍ਰਭਾਵਿਤ ਪਰਿਵਾਰ ਨੂੰ ਮਿਲਣ ਜਾਣ ਤੋਂ ਪਹਿਲਾਂ ਹੀ ਬਰਨਾਲਾ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਕੰਪਲੈਕਸ ਦੇ ਅੰਦਰ ਹੀ ਰੋਕ ਲਿਆ ਅਤੇ ਤੁਰੰਤ ਆਪਣੀ ਗੱਡੀ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ।
ਇਸ ਪੂਰੀ ਘਟਨਾਕ੍ਰਮ ਤੋਂ ਤੁਰੰਤ ਬਾਅਦ ਭਾਨਾ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੇ ਸਮਰਥਕਾਂ ਅਤੇ ਆਮ ਲੋਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਆਪਣੇ ਲਾਈਵ ਦੌਰਾਨ ਭਾਨਾ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਕੰਪਲੈਕਸ ਦੇ ਅੰਦਰੋਂ ਹਿਰਾਸਤ ਵਿੱਚ ਲਿਆ ਹੈ ਅਤੇ ਇਸ ਵੇਲੇ ਉਨ੍ਹਾਂ ਨੂੰ ਧਨੌਲਾ ਥਾਣੇ ਵਿੱਚ ਬਿਠਾ ਕੇ ਰੱਖਿਆ ਗਿਆ ਹੈ। ਉਨ੍ਹਾਂ ਨੇ ਪੁਲਿਸ ਦੀ ਇਸ ਕਾਰਵਾਈ 'ਤੇ ਹੈਰਾਨੀ ਪ੍ਰਗਟਾਉਂਦਿਆਂ ਸਵਾਲ ਚੁੱਕੇ ਕਿ ਆਖਰ ਕਿਸ ਆਧਾਰ 'ਤੇ ਉਨ੍ਹਾਂ ਨੂੰ ਰੋਕਿਆ ਗਿਆ ਹੈ?
ਫਿਲਹਾਲ ਇਸ ਪੂਰੇ ਮਾਮਲੇ 'ਤੇ ਬਰਨਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਪ੍ਰਸ਼ਾਸਨ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਹ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਰੋਕਥਾਮ ਹੈ ਜਾਂ ਕਿਸੇ ਨਵੇਂ ਮਾਮਲੇ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਦੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਸਕੇਗੀ।
- Download Babushahi App
-
-