ਵੱਡੀ ਖ਼ਬਰ: ਕਾਦੀਆਂ 'ਚ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭੜਕੀ ਹਿੰਸਾ; AAP ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ
Ravi Jakhu
ਕਾਦੀਆਂ (ਗੁਰਦਾਸਪੁਰ), 16 ਜੁਲਾਈ 2026- ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਵਿੱਚ ਅੱਜ ਉਸ ਵੇਲੇ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਹਿੰਸਕ ਰੂਪ ਧਾਰਨ ਕਰ ਗਿਆ, ਜਦੋਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਿਚਾਲੇ ਹੋਈ ਇਸ ਜ਼ਬਰਦਸਤ ਝੜਪ ਕਾਰਨ ਪੂਰੇ ਇਲਾਕੇ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਹੈ।
ਦੱਸ ਦਈਏ ਕਿ ਅੱਜ ਕਾਦੀਆਂ ਹਲਕੇ ਵਿੱਚ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਸੀ। ਚੋਣ ਨੂੰ ਲੈ ਕੇ ਦੋਵਾਂ ਹੀ ਪਾਰਟੀਆਂ ਵੱਲੋਂ ਆਪਣਾ-ਆਪਣਾ ਦਾਅਵਾ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਕੀਤੇ ਗਏ ਸਨ। ਪਰ ਵੋਟਿੰਗ ਜਾਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋ ਗਈ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਇੱਕ ਵੱਡੀ ਝੜਪ ਦਾ ਰੂਪ ਧਾਰਨ ਕਰ ਲਿਆ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੱਥੋਪਾਈ ਦੀ ਨੌਬਤ ਤੱਕ ਆ ਗਈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੁਰੰਤ ਮੌਕੇ 'ਤੇ ਪਹੁੰਚੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਅਤੇ ਸੀਨੀਅਰ ਲੀਡਰ ਵੀ ਆਪਣੇ ਵਰਕਰਾਂ ਦਾ ਹੌਸਲਾ ਵਧਾਉਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ 'ਤੇ ਇਕੱਠੇ ਹੋ ਗਏ।
ਮੌਕੇ 'ਤੇ ਮੌਜੂਦ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕੇ। ਬਾਜਵਾ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ ਅਤੇ ਉਹ ਪੁਲਿਸ ਪ੍ਰਸ਼ਾਸਨ ਨਾਲ ਉਲਝਦੇ ਹੋਏ ਨਜ਼ਰ ਆਏ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਪੁਲਿਸ ਪੱਖਪਾਤੀ ਰਵੱਈਆ ਅਪਣਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਨੂੰ ਧੱਕੇਸ਼ਾਹੀ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕਾਂਗਰਸ ਆਪਣੀ ਹਾਰ ਦੇ ਡਰੋਂ ਬੌਖਲਾਹਟ ਵਿੱਚ ਆ ਕੇ ਹੰਗਾਮਾ ਕਰ ਰਹੀ ਹੈ ਅਤੇ ਚੋਣਾਂ ਨੂੰ ਸਾਂਤੀਪੂਰਵਕ ਨੇਪਰੇ ਚੜ੍ਹਨ ਵਿੱਚ ਰੁਕਾਵਟ ਪਾ ਰਹੀ ਹੈ। 'ਆਪ' ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰਾਂ ਨੇ ਮਾਹੌਲ ਖ਼ਰਾਬ ਕਰਨ ਦੀ ਪਹਿਲ ਕੀਤੀ ਹੈ।
ਘਟਨਾ ਵਾਲੀ ਥਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰ ਮੌਕੇ 'ਤੇ ਅਜੇ ਵੀ ਹਾਲਾਤ ਕਾਫੀ ਸੰਵੇਦਨਸ਼ੀਲ ਬਣੇ ਹੋਏ ਹਨ। ਨਗਰ ਕੌਂਸਲ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼ੁਰੂ ਹੋਇਆ ਇਹ ਸਿਆਸੀ ਘਮਾਸਾਨ ਹੁਣ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮੌਕੇ 'ਤੇ ਹਲਚਲ ਜਾਰੀ ਸੀ ਅਤੇ ਪੁਲਿਸ ਹਾਲਾਤ ਨੂੰ ਆਮ ਵਾਂਗ ਕਰਨ ਲਈ ਜੱਦੋਜਹਿਦ ਕਰ ਰਹੀ ਹੈ।
- Download Babushahi App
-
-