ਵੱਡੀ ਖ਼ਬਰ: ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਏਗੀ ਪੰਜਾਬ ਸਰਕਾਰ
ਖੁਰਾਲਗੜ੍ਹ ਤੋਂ ਹੋਵੇਗਾ ਰਸਮੀ ਐਲਾਨ
ਚੰਡੀਗੜ੍ਹ/ਹੁਸ਼ਿਆਰਪੁਰ, 16 ਜਨਵਰੀ 2026- : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਮਨਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਰਸਮੀ ਐਲਾਨ ਅਗਲੇ ਮਹੀਨੇ ਗੁਰੂ ਰਵਿਦਾਸ ਜਯੰਤੀ ਦੇ ਮੌਕੇ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਕੀਤਾ ਜਾਵੇਗਾ।
News18 ਰਿਪੋਰਟ ਮੁਤਾਬਿਕ, ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪੂਰਾ ਇੱਕ ਸਾਲ ਚੱਲਣਗੇ। ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਫਰਵਰੀ 2027 ਵਿੱਚ ਆ ਰਿਹਾ ਹੈ, ਜਿਸ ਨੂੰ ਲੈ ਕੇ ਸਰਕਾਰ ਹੁਣ ਤੋਂ ਹੀ ਵਿਆਪਕ ਰੂਪ ਰੇਖਾ ਤਿਆਰ ਕਰ ਰਹੀ ਹੈ। ਹੁਸ਼ਿਆਰਪੁਰ ਦੇ ਖੁਰਾਲਗੜ੍ਹ (ਮੁਰਾਦਗੜ੍ਹ) ਤੋਂ ਇਸ ਇਤਿਹਾਸਕ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਦਾ ਰਸਮੀ ਐਲਾਨ ਕੀਤਾ ਜਾਵੇਗਾ।