ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ
ਸ੍ਰੀ ਅੰਮ੍ਰਿਤਸਰ, 30 ਅਗਸਤ-
ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ 2026 ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ - ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ – ਦੇ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਕਰ ਰਹੇ ਹਾਂ ਤਾਂ ਉੱਥੇ ਹੀ ਸਾਡੇ ਲਈ ਇਹ ਵੀ ਜ਼ਰੂਰੀ ਹੈ ਕਿ 6 ਸਤੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਤਹਿਤ ਮਾਰੇ ਗਏ ਨੌਜਵਾਨਾਂ ਦੀ ਲਾਸ਼ਾ ਦੇ ਵਾਰਿਸ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿੱਚ ਹੁਣ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਦਾ ਕਾਰਜ ਵੀ ਛੇਤੀ ਹੀ ਸ਼ੁਰੂ ਹੋਵੇਗਾ।
- Download Babushahi App
-
-