ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ
ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਦਾ ਦਿੱਤਾ ਭਰੋਸਾ
ਅਸ਼ੋਕ ਵਰਮਾ
ਮਾਨਸਾ, 16 ਅਕਤੂਬਰ 2026 :ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸ਼ੁੱਕਰਵਾਰ ਨੂੰ ਮਾਨਸਾ ਵਿਖੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਾਇਲਟ ਨੇ ਕਿਹਾ ਕਿ ਇੱਕ ਪਿਤਾ ਲਈ ਇਸ ਤੋਂ ਵੱਡਾ ਕੋਈ ਦੁੱਖ ਨਹੀਂ ਹੋ ਸਕਦਾ ਜਦੋਂ ਉਸ ਨੂੰ ਆਪਣੇ ਗੱਭਰੂ ਪੁੱਤ ਦੀ ਅਰਥੀ ਆਪਣੇ ਮੋਢਿਆਂ ਤੇ ਚੁੱਕਣੀ ਪਵੇ । ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਨਸ਼ਿਆਂ ਦੀ ਲਾਹਨਤ ਅਤੇ ਬਟਾਲਾ ਵਿੱਚ ਹੋਏ ਕਤਲ ਸਮੇਤ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਬਣੇ ਡਰ ਦੇ ਮਾਹੌਲ ਪ੍ਰਤੀ ਚਿੰਤਾ ਵੀ ਜਤਾਈ।
ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸਮਾਜ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਸਾਂਝੇ ਯਤਨਾਂ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਭਵਿੱਖ ਯਕੀਨੀ ਬਣਾਉਣਾ ਹੀ ਪਰਵਿੰਦਰ ਝੋਟਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਬੇਸ਼ੱਕ ਕਾਨੂੰਨ ਆਪਣਾ ਕੰਮ ਕਰੇਗਾ ਪਰ ਉਨ੍ਹਾਂ ਭਰੋਸਾ ਦਵਾਇਆ ਕਿ ਕਾਂਗਰਸ ਪਾਰਟੀ ਇਨਸਾਫ ਦੀ ਲੜਾਈ ਅੱਗੇ ਹੋ ਕੇ ਲੜੇਗੀ। ਉਨ੍ਹਾਂ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਡਟ ਕੇ ਖੜੀ ਹੈ।ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੰਜਮ ਅਤੇ ਸਮਝਦਾਰੀ ਤੋਂ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਨੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁਲਜ਼ਮ ਅਸ਼ਵਨੀ ਨੇ ਹਥਿਆਰ ਦਾ ਲਾਇਸੈਂਸ ਕਿਵੇਂ ਹਾਸਲ ਕੀਤਾ। ਉਨ੍ਹਾਂ ਇਸ ਘਟਨਾ ਨੂੰ "ਸਰਕਾਰੀ ਸ਼ਹਿ ਪ੍ਰਾਪਤ ਕਤਲ" ਕਰਾਰ ਦਿੱਤਾ।
ਪਰਗਟ ਸਿੰਘ ਨੇ ਗੁਜਰਾਤ ਰਾਹੀਂ ਦੇਸ਼ ਵਿੱਚ ਦਾਖਲ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਮਾਤਰਾ ਦਾ ਹਵਾਲਾ ਦਿੰਦਿਆਂ ਇਹ ਵੀ ਦੋਸ਼ ਲਾਇਆ ਕਿ ਲੋਕਾਂ ਨੂੰ ਇਕੱਠੇ ਹੋਣ ਅਤੇ ਨਸ਼ਿਆਂ ਦੀ ਲਾਹਨਤ ਬਾਰੇ ਆਵਾਜ਼ ਚੁੱਕਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ, ਗੁਰਜੀਤ ਔਜਲਾ, ਰਾਜ ਕੁਮਾਰ ਵੇਰਕਾ , ਸੁਖਵਿੰਦਰ ਸਿੰਘ ਡੈਨੀ, ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਹੈ ਤੇ ਆਗੂ ਵੀ ਹਾਜ਼ਰ ਸਨ।
- Download Babushahi App
-
-