ਸਨੌਰ ਤੋਂ ਜਸਮੀਤ ਕੌਰ ਛੀਨਾ ਮਿਸਲ ਸਤਲੁਜ ਦੀ ਵਿਧਾਨ ਸਭਾ ਉਮੀਦਵਾਰ: ਅਜੇਪਾਲ ਸਿੰਘ ਬਰਾੜ
ਮੌਹਾਲੀ 24 ਅਪ੍ਰੈਲ, 2026
ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਚੋਣੀ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ( ਜ਼ੋ ਕਿ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੀ ਪਤਨੀ ਹਨ) ਨੂੰ ਹਲਕਾ ਸਨੌਰ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਸਰਦਾਰ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਹੁਣ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਲੜੀ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਿਸਲ ਸਤਲੁਜ ਵੱਲੋਂ ਖਾਸ ਤੌਰ ‘ਤੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਸੋਚ ਅਤੇ ਨਵੀਂ ਊਰਜਾ ਦਾ ਸੰਚਾਰ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਸੰਘਰਸ਼ ਕਰ ਰਹੀ ਮਿਸਲ ਸਤਲੁਜ ਅੱਜ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ ਵਜੋਂ ਤੇਜ਼ੀ ਨਾਲ ਉਭਰ ਰਹੀ ਹੈ। ਜਥੇਬੰਦੀ ਦਾ ਮੁੱਖ ਉਦੇਸ਼ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਹੱਕਾਂ ਦੀ ਪ੍ਰਭਾਵਸ਼ਾਲੀ ਰੱਖਿਆ ਕਰਦੇ ਹੋਏ ਸੂਬੇ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਆਤਮ-ਸਨਮਾਨ,
ਦੇ ਰਾਹ ‘ਤੇ ਲਿਆਉਣਾ ਹੈ।
ਸਰਦਾਰ ਬਰਾੜ ਨੇ ਹੋਰ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਮਿਸਲ ਸਤਲੁਜ ਵੱਲੋਂ ਪੰਜਾਬ ਦੀਆਂ ਹੱਕੀ ਮੰਗਾਂ ਅਤੇ ਲੋਕ-ਮੁੱਦਿਆਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਮਿਸਲ ਸਤਲੁਜ ਤੋਂ ਨੇ ਹਮੇਸ਼ਾਂ ਲੋਕ-ਹਿੱਤਾਂ ਨੂੰ ਆਪਣੀ ਪ੍ਰਾਥਮਿਕਤਾ ਬਣਾਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਵੱਡੇ ਸਮਰਥਨ ਨਾਲ ਮਿਸਲ ਸਤਲੁਜ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਜ਼ਬੂਤ ਅਤੇ ਨਿਰਣਾਇਕ ਭੂਮਿਕਾ ਨਿਭਾਵੇਗੀ।
Click to Follow Babushahi Facebook page →