ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਦਾ ਜਲੰਧਰ ਦੂਰਦਰਸ਼ਨ ਦਾ ਵਿਦਿਅਕ ਦੌਰਾ
ਰੋਹਿਤ ਗੁਪਤਾ
ਗੁਰਦਾਸਪੁਰ, 17 ਸਤੰਬਰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਜਲੰਧਰ ਦੂਰਦਰਸ਼ਨ ਕੇਂਦਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਇਲਾਵਾ ਵਿਹਾਰਕ, ਸੰਸਕ੍ਰਿਤਿਕ ਅਤੇ ਮੀਡੀਆ ਨਾਲ ਸਬੰਧਤ ਅਨੁਭਵ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਦੂਰਦਰਸ਼ਨ ਦੇ ਪ੍ਰੋਗਰਾਮਾਂ ਅਤੇ ਉੱਥੇ ਦੀ ਕਾਰਜ-ਵਿਧੀ ਨਾਲ ਜਾਣੂ ਕਰਵਾਉਣਾ ਸੀ।
ਇਸ ਵਿਦਿਅਕ ਟੂਰ ਨੂੰ ਕੁਲਦੀਪ ਚੰਦ, ਸਹਾਇਕ ਕਮਿਸ਼ਨਰ, ਗੁਰਦਾਸਪੁਰ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਜਿਹੇ ਵਿਦਿਅਕ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।
ਇਹ ਵਿਦਿਅ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਸਰਪਰਸਤੀ ਹੇਠ ਸਮਰਪਣ ਸੋਸਾਇਟੀ ਵੱਲੋਂ ਆਯੋਜਿਤ ਕੀਤਾ ਗਿਆ।
ਸਮਰਪਣ ਸੋਸਾਇਟੀ ਦੇ ਸਕੱਤਰ ਪਰਮਿੰਦਰ ਸੈਣੀ ਵੀ ਇਸ ਟੂਰ ਦਾ ਹਿੱਸਾ ਸਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ ਰਹਿ ਕੇ ਇਸ ਦੌਰੇ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
ਜਲੰਧਰ ਦੂਰਦਰਸ਼ਨ ਪਹੁੰਚਣ ’ਤੇ ਵਿਦਿਆਰਥੀਆਂ ਨੇ ਦੂਰਦਰਸ਼ਨ ਕੇਂਦਰ ਦੀ ਕਾਰਜ-ਪ੍ਰਣਾਲੀ, ਸਟੂਡੀਓ ਦੀ ਬਣਤਰ, ਕੈਮਰਾ ਅਤੇ ਲਾਈਟਿੰਗ ਪ੍ਰਬੰਧ, ਪ੍ਰੋਗਰਾਮਾਂ ਦੀ ਤਿਆਰੀ, ਰਿਕਾਰਡਿੰਗ ਅਤੇ ਪ੍ਰਸਾਰਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਦੂਰਦਰਸ਼ਨ ਤੋਂ ਪ੍ਰਸਾਰਿਤ ਹੋਣ ਵਾਲੇ ਲੋਕਪ੍ਰਿਯ ਪੰਜਾਬੀ ਪ੍ਰੋਗਰਾਮ ‘ਲਿਸ਼ਕਾਰਾ’ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਪ੍ਰੋਗਰਾਮ ਦੀ ਰਿਕਾਰਡਿੰਗ ਨੂੰ ਨੇੜਿਓਂ ਦੇਖਣ ਦਾ ਮੌਕਾ ਪ੍ਰਾਪਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਿਆ ਨੂੰ ਸਿਰਫ਼ ਕਿਤਾਬਾਂ ਅਤੇ ਕਲਾਸਰੂਮ ਤੱਕ ਸੀਮਿਤ ਰੱਖਣ ਦੀ ਬਜਾਏ ਵਿਦਿਆਰਥੀਆਂ ਨੂੰ ਅਸਲ ਕਾਰਜ-ਸਥਾਨਾਂ, ਪੇਸ਼ੇਵਰ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਨਵੀਆਂ ਸੰਭਾਵਨਾਵਾਂ ਦੀ ਪਛਾਣ ਅਤੇ ਆਪਣੇ ਭਵਿੱਖ ਲਈ ਬਿਹਤਰ ਦਿਸ਼ਾ ਚੁਣਨ ਵਿੱਚ ਸਹਾਇਤਾ ਕਰਦੇ ਹਨ।
- Download Babushahi App
-
-