ਸਰਕਾਰੀ ਕਾਲਜ ਵਿਖੇ ਵਿਸ਼ੇਸ਼ ਸੈਮੀਨਾਰ
ਆਜ਼ਾਦੀ ਸੰਘਰਸ਼ ਅਤੇ ਅਣਗਾਏ ਨਾਇਕਾਂ ਦੀਆਂ ਕੁਰਬਾਨੀਆਂ ਤੱਕ ਹੋਈ ਵਿਚਾਰ-ਚਰਚਾ
ਰੋਹਿਤ ਗੁਪਤਾ
ਗੁਰਦਾਸਪੁਰ, 9 ਅਗਸਤ
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਵਿੱਚ ਇਤਿਹਾਸਕ ਚੇਤਨਾ, ਸੱਭਿਆਚਾਰਕ ਵਿਰਾਸਤ ਪ੍ਰਤੀ ਸਨਮਾਨ, ਦੇਸ਼ਭਗਤੀ, ਲੋਕਤੰਤਰਿਕ ਮੁੱਲਾਂ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆਗਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਭਾਰਤ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ, ਆਜ਼ਾਦੀ ਦੇ ਸੰਘਰਸ਼, ਦੇਸ਼ ਦੀ ਵੰਡ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।
ਸਮਾਗਮ ਦੌਰਾਨ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਪ੍ਰਾਪਤ ਹਦਾਇਤਾਂ/ਪੱਤਰ ਦੇ ਸੰਦਰਭ ਵਿੱਚ ਸੋਮਨਾਥ ਮੰਦਰ ਦੀ ਇਤਿਹਾਸਕ, ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ਨਾਲ ਸਬੰਧਤ ਇੱਕ ਵਿਸ਼ੇਸ਼ ਡਾਕੂਮੈਂਟਰੀ ਵਿਦਿਆਰਥੀਆਂ ਨੂੰ ਦਿਖਾਈ ਗਈ। ਡਾਕੂਮੈਂਟਰੀ ਰਾਹੀਂ ਵਿਦਿਆਰਥੀਆਂ ਨੇ ਸੋਮਨਾਥ ਮੰਦਰ ਦੇ ਇਤਿਹਾਸ, ਇਸ ਨਾਲ ਜੁੜੀਆਂ ਪਰੰਪਰਾਵਾਂ ਅਤੇ ਭਾਰਤੀ ਸੱਭਿਆਚਾਰ ਵਿੱਚ ਇਸ ਦੇ ਮਹੱਤਵ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸਮਝਣ, ਸੰਭਾਲਣ ਅਤੇ ਉਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਉਪਰੰਤ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਸਬੰਧਤ ਇੱਕ ਪ੍ਰਭਾਵਸ਼ਾਲੀ ਡਾਕੂਮੈਂਟਰੀ ਵੀ ਵਿਦਿਆਰਥੀਆਂ ਨੂੰ ਦਿਖਾਈ ਗਈ। ਇਸ ਵਿੱਚ ਆਜ਼ਾਦੀ ਦੇ ਸੰਘਰਸ਼ ਦੀ ਇਤਿਹਾਸਕ ਯਾਤਰਾ, ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਡਾਕੂਮੈਂਟਰੀ ਨੂੰ ਬਹੁਤ ਉਤਸ਼ਾਹ ਅਤੇ ਗੰਭੀਰਤਾ ਨਾਲ ਦੇਖਿਆ ਅਤੇ ਦੇਸ਼ ਦੀਆਂ ਮੌਜੂਦਾ ਚੁਣੌਤੀਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਵਿਚਾਰ-ਚਿੰਤਨ ਕੀਤਾ।
ਦੋਵਾਂ ਡਾਕੂਮੈਂਟਰੀਆਂ ਦਾ ਨਿਰਮਾਣ ਅਤੇ ਸੰਪਾਦਨ ਸਰਕਾਰੀ ਕਾਲਜ ਗੁਰਦਾਸਪੁਰ ਦੇ ਰਾਜਨੀਤੀ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਸੰਦੀਪ ਕੌਰ ਵੱਲੋਂ ਕੀਤਾ ਗਿਆ। ਇਨ੍ਹਾਂ ਡਾਕੂਮੈਂਟਰੀਆਂ ਰਾਹੀਂ ਇਤਿਹਾਸਕ ਘਟਨਾਵਾਂ, ਸੱਭਿਆਚਾਰਕ ਵਿਰਾਸਤ, ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰੀ ਚੇਤਨਾ ਨਾਲ ਸਬੰਧਤ ਵਿਸ਼ਿਆਂ ਨੂੰ ਵਿਦਿਆਰਥੀਆਂ ਸਾਹਮਣੇ ਪ੍ਰਭਾਵਸ਼ਾਲੀ ਅਤੇ ਰੁਚਿਕਰ ਢੰਗ ਨਾਲ ਪੇਸ਼ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਸਾਡੀ ਯੁਵਾ ਪੀੜ੍ਹੀ ਸਾਡਾ ਸਰਮਾਇਆ ਅਤੇ ਭਵਿੱਖ ਦੀ ਆਸ ਦਾ ਕੇਂਦਰ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਤਰੱਕੀ ਲਿਆਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਦੇ ਵਾਹਕ ਬਣਨ ਲਈ ਪ੍ਰੇਰਿਤ ਕੀਤਾ।
ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਅਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਊਧਮ ਸਿੰਘ, ਸ਼ਹੀਦ ਸੋਹਨ ਲਾਲ ਪਾਠਕ (ਪੱਟੀ), ਸ਼ਹੀਦ ਚੰਦਰ ਸ਼ੇਖਰ ਆਜ਼ਾਦ ਸਮੇਤ ਅਨੇਕਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਪ੍ਰਿੰਸੀਪਲ ਡਾ. ਭੱਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦਾ ਇਤਿਹਾਸ ਸਿਰਫ਼ ਕੁਝ ਪ੍ਰਸਿੱਧ ਨਾਵਾਂ ਤੱਕ ਸੀਮਤ ਨਹੀਂ ਹੈ।
ਇਸ ਮੌਕੇ ਉਨ੍ਹਾਂ ਨੇ ਕਾਲਜ ਦੇ ਪ੍ਰੋਫੈਸਰ ਦਿਲਬਾਗ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀ ਪੁਸਤਕ ਵਿੱਚ ਅਜਿਹੇ ਅਨੇਕਾਂ ਅਣਗਾਏ ਨਾਇਕਾਂ (Unsung Heroes) ਦੇ ਨਾਮ ਸੰਕਲਿਤ ਕਰਕੇ ਉਨ੍ਹਾਂ ਦੀ ਯਾਦ ਨੂੰ ਸੰਭਾਲਣ ਦਾ ਮਹੱਤਵਪੂਰਨ ਯਤਨ ਕੀਤਾ ਹੈ।
ਸਮਾਗਮ ਦੇ ਵਿਸ਼ੇਸ਼ ਸੈਮੀਨਾਰ ਸੈਸ਼ਨ ਵਿੱਚ ਭਾਰਤ ਵਿਕਾਸ ਪਰਿਸ਼ਦ, ਸਵਾਮੀ ਵਿਵੇਕਾਨੰਦ ਸ਼ਾਖਾ, ਗੁਰਦਾਸਪੁਰ ਦੇ ਸਹਿਯੋਗ ਨਾਲ ਸ੍ਰੀ ਸੁਸ਼ਾਂਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਲੈਕਚਰ ਦਿੱਤਾ।
- Download Babushahi App
-
-