ਸਰਕਾਰ ਹਰ ਫਰੰਟ ‘ਤੇ ਫ਼ੇਲ ਸਾਬਤ ਹੋਈ
ਹਲਕੇ ਦੀਆਂ ਜਿਆਦਾਤਰ ਸੜਕਾਂ ਦੀ ਹਾਲਤ ਬਦ ਤੋਂ ਬਦਤਰ : ਕੁਲਦੀਪ ਸਿੰਘ ਸਰਸੀਣੀ
ਮਲਕੀਤ ਸਿੰਘ ਮਲਕਪੁਰ
ਲਾਲੜੂ 13 ਜੁਲਾਈ 2026:ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਰਸੀਣੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਵਿੱਚ ਪੂਰੀ ਤਰ੍ਹਾਂ ਪਛੜ ਗਈ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੀਆਂ ਕਈ ਮੁੱਖ ਸੜਕਾਂ ਅੱਜ ਵੀ ਆਪਣੀ ਖਸਤਾਹਾਲ ਹਾਲਤ ਕਾਰਨ ਹਲਕਾ ਵਾਸੀਆਂ ਲਈ ਵੱਡੀ ਮੁਸ਼ਕਿਲ ਬਣੀਆਂ ਹੋਈਆਂ ਹਨ। ਸ. ਸਰਸੀਣੀ ਨੇ ਕਿਹਾ ਕਿ ਸਰਸੀਣੀ–ਟਿਵਾਣਾ, ਆਲਮਗੀਰ–ਟਿਵਾਣਾ, ਧਰਮਗੜ੍ਹ ਰੋਡ, ਸਿਤਾਰਪੁਰ ਸੰਪਰਕ ਸੜਕ ਅਤੇ ਲਾਲੜੂ–ਹੰਡੇਸਰਾ ਸੰਪਰਕ ਸੜਕ ਸਮੇਤ ਕਈਂ ਹੋਰ ਸੜਕਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਟੁੱਟੀਆਂ ਸੜਕਾਂ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਬਣਿਆ ਰਹਿੰਦਾ ਹੈ, ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ।ਉਨ੍ਹਾਂ ਦੋਸ਼ ਲਾਇਆ ਕਿ ਸਰਸੀਣੀ–ਟਿਵਾਣਾ ਸੰਪਰਕ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਹੈ, ਪਰ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੌਰਾਨ ਕਈ ਠੇਕੇਦਾਰ ਬਦਲੇ ਜਾ ਚੁੱਕੇ ਹਨ, ਜਿਸ ਕਾਰਨ ਕੰਮ ਦੀ ਰਫ਼ਤਾਰ ਬਹੁਤ ਮੱਠੀ ਰਹੀ ਹੈ ਅਤੇ ਲੋਕਾਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਰਿਹਾ ਹੈ। ਸ. ਸਰਸੀਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਉਮੀਦ ਨਾਲ ਸੱਤਾ ਸੌਂਪੀ ਸੀ ਕਿ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜ ਮੁਕੰਮਲ ਹੋਣਗੇ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿੱਚ ਲੋਕਾਂ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਹੋਰਨਾਂ ਪਾਰਟੀਆਂ ਤੋਂ ਮੂੰਹ ਮੋੜ ਕੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੰਜਾਬ ਦੀ ਸੱਤਾ ਸੋਂਪਣ ਦਾ ਮਨ ਬਣਾ ਚੁੱਕੇ ਹਨ।
- Download Babushahi App
-
-