ਸ਼ਹਾਦਤ-ਏ-ਗੁਰੂ ਤੇਗ ਬਹਾਦਰ: ਦਿੱਲੀ ਵਿੱਚ ਹੋਣਗੇ ਵਿਸ਼ਾਲ ਸਮਾਗਮ: ਕਾਲਕਾ, ਕਾਹਲੋਂ
ਮਨਮੋਹਨ ਸਿੰਘ
ਨਵੀਂ ਦਿੱਲੀ 21 ਨਵੰਬਰ () ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਇਥੇ ਇਕ ਵਿਸ਼ੇਸ਼ ਮੀਟਿੰਗ ਵਿੱਚ ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰੋਗਰਾਮਾਂ ਦੀ ਰੂਪ-ਰੇਖਾ ਅਤੇ ਸੰਗਤਾਂ ਦੀ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਮਾਨਵਤਾ ਦੀ ਰੱਖਿਆ ਲਈ ਦਿੱਤੀ ਗਈ ਅਦੁੱਤੀ ਕੁਰਬਾਨੀ ਹੈ। ਉਨਾਂ ਕਿਹਾ ਕਿ ਇਸ ਮਹਾਨ ਇਤਿਹਾਸਕ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਂਵਾਰੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਨੇ ਸੇਵਾ ਸੰਭਾਲੀ ਹੈ, ਉਦੋਂ ਤੋਂ ਹੀ ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਧਾਰਮਿਕ ਤੇ ਪੰਥਕ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਅਤੇ ਸੰਗਤਾਂ ਦਾ ਉਤਸ਼ਾਹ ਤੇ ਸਹਿਯੋਗ ਅਜਿਹੇ ਸਮਾਗਮਾਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿਲਕ ਜੰਜੂ ਰੱਖਿਆ ਯਾਤਰਾ ਗੁਰੂ ਕਾ ਤਾਲ, ਆਗਰਾ ਤੋਂ ਆਰੰਭ ਹੋਵੇਗੀ। ਇਹ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਦਿੱਲੀ ਵੱਲ ਰਵਾਨਾ ਹੋਵੇਗੀ, ਜਿਸ ਵਿੱਚ ਦਲ ਪੰਥ ਦੀਆਂ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਸ਼ਮੂਲੀਅਤ ਕਰਨਗੀਆਂ। ਉਨਾਂ ਦਸਿਆ ਕਿ ਗੁਰੂ ਕਾ ਤਾਲ ਦੇ ਸੇਵਾਦਾਰ ਬਾਬਾ ਪ੍ਰੀਤਮ ਸਿੰਘ ਜੀ ਵੱਲੋਂ ਵੀ ਇਸ ਉਪਰਾਲੇ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਲਗਾਤਾਰ ਸੱਤ ਦਿਨਾਂ ਤੱਕ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸਜੇਗਾ। ਉਨਾਂ ਇਸ ਦੌਰਾਨ ਸਿੰਘ ਸਭਾਵਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸੰਗਤਾਂ ਦੀ ਸ਼ਮੂਲੀਅਤ ਅਤੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਸ਼ਾਮ 7:30 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾਵੇਗਾ। ਇਹ ਸਮਾਗਮ ਸਿੱਖ ਇਤਿਹਾਸ ਦੀ ਉਸ ਮਹਾਨ ਸਾਹਿਤਕ ਅਤੇ ਕਾਵਿਕ ਪਰੰਪਰਾ ਨੂੰ ਸਮਰਪਿਤ ਹੋਵੇਗਾ, ਜਿਸ ਅਧੀਨ ਗੁਰੂ ਸਾਹਿਬਾਨ ਦੇ ਦਰਬਾਰਾਂ ਵਿੱਚ ਵਿਦਵਾਨਾਂ ਅਤੇ ਕਵੀਆਂ ਵੱਲੋਂ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਜਸ ਕੀਤਾ ਜਾਂਦਾ ਸੀ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸੇ ਲੜੀ ਤਹਿਤ 7 ਦਸੰਬਰ ਨੂੰ ਵਰਲਡ ਸਿੱਖ ਕਵੀ ਦਰਬਾਰ ਦਾ ਆਯੋਜਨ ਕਾਂਸਟੀਚਿਊਸ਼ਨ ਕਲੱਬ ਸਥਿਤ ਮਾਵਲੰਕਰ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਪੰਥਕ ਵਿਦਵਾਨਾਂ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 11 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਰਾਗ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਦੇ ਉੱਚ ਕੋਟੀ ਦੇ ਰਾਗੀ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਤੋਂ ਇਲਾਵਾ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ਵਿਖੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਸੰਗਤਾਂ ਲਈ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਪ੍ਰੋਗਰਾਮ, ਮਿਊਜ਼ਿਕ ਅਤੇ ਲੇਜ਼ਰ ਸ਼ੋਅ ਸਮੇਤ ਹੋਰ ਆਕਰਸ਼ਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ ਸੰਦੇਸ਼ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਆਰੰਭ ਕੀਤੇ ਗਏ ਸਹਿਜ ਪਾਠਾਂ ਦੀ ਸੰਪੂਰਨਤਾ ਵੀ 14 ਦਸੰਬਰ ਨੂੰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਰ ਸਾਲ ਦੀ ਰਵਾਇਤ ਅਨੁਸਾਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਾਰੇ ਸਮਾਗਮਾਂ ਨੂੰ ਆਪਣਾ ਸਾਂਝਾ ਪੰਥਕ ਉਪਰਾਲਾ ਸਮਝਦਿਆਂ ਪੂਰੇ ਉਤਸ਼ਾਹ ਨਾਲ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਸੰਦੇਸ਼ ਕਿਸੇ ਇੱਕ ਸੰਸਥਾ ਜਾਂ ਜਥੇਬੰਦੀ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਲਈ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਇਨ੍ਹਾਂ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾਵੇਗਾ।
- Download Babushahi App
-
-