ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ
ਮੀਟਿੰਗ ’ਚ ਥਾਣਾ ਪੱਧਰ ’ਤੇ ਸੁਣਵਾਈ ਨਾ ਹੋਣ ਦੀਆਂ ਸ਼ਿਕਾਇਤਾਂ; 45 ਪਰਿਵਾਰਾਂ ਨੂੰ ਸੱਦਾ
ਜਗਰਾਉਂ ਦੀਪਕ ਜੈਨ,
ਪੰਜਾਬ ਪੁਲਿਸ ਵੱਲੋਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਪੁਲਿਸ ਕਪਤਾਨ ਨੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਮੀਟਿੰਗ ਵਿੱਚ ਪਹੁੰਚੇ ਪਰਿਵਾਰਾਂ ਨੇ ਦੱਸਿਆ ਕਿ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਮਾਨ-ਸਨਮਾਨ ਦਿੱਤਾ ਜਾਂਦਾ ਹੈ, ਪਰ ਉਨ੍ਹਾਂ ਦੇ ਅਨੁਸਾਰ ਥਾਣਾ ਪੱਧਰ ’ਤੇ ਕਈ ਵਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੁਚੱਜੇ ਢੰਗ ਨਾਲ ਸੁਣਵਾਈ ਨਹੀਂ ਹੁੰਦੀ। ਪਰਿਵਾਰਾਂ ਨੇ ਕਿਹਾ ਕਿ ਕੁਝ ਛੋਟੇ ਕੰਮਾਂ ਲਈ ਵੀ ਉਨ੍ਹਾਂ ਨੂੰ ਥਾਣਿਆਂ ਦੇ ਚੱਕਰ ਲਗਾਉਣੇ ਪੈਂਦੇ ਹਨ।
ਇਸ ਦੌਰਾਨ ਮੀਟਿੰਗ ਵਿੱਚ ਸ਼ਾਮਲ ਪਰਿਵਾਰਾਂ ਵੱਲੋਂ ਇਹ ਮੁੱਦਾ ਵੀ ਉਠਾਇਆ ਗਿਆ ਕਿ ਮੀਟਿੰਗ ਸਬੰਧੀ ਸੁਨੇਹਾ ਸਾਰੇ ਪਰਿਵਾਰਾਂ ਤੱਕ ਸਮੇਂ ਸਿਰ ਨਹੀਂ ਪਹੁੰਚ ਸਕਿਆ। ਉਨ੍ਹਾਂ ਮੁਤਾਬਕ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ, ਜਗਰਾਉਂ ਨਾਲ ਸਬੰਧਤ ਕੁੱਲ 45 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ, ਪਰ ਸਮੇਂ ਸਿਰ ਜਾਣਕਾਰੀ ਨਾ ਮਿਲਣ ਕਾਰਨ 15 ਪਰਿਵਾਰ ਹੀ ਮੌਕੇ ’ਤੇ ਪਹੁੰਚ ਸਕੇ। ਪਰਿਵਾਰਾਂ ਦਾ ਕਹਿਣਾ ਸੀ ਕਿ ਜੇਕਰ ਸੂਚਨਾ ਸਮੇਂ ਸਿਰ ਮਿਲਦੀ ਤਾਂ ਹੋਰ ਪਰਿਵਾਰ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਸਨ।
ਮੀਟਿੰਗ ਦੌਰਾਨ ਪੁਲਿਸ ਕਪਤਾਨ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਹੇਠਲੇ ਪੱਧਰ ’ਤੇ ਸਾਹਮਣੇ ਆ ਰਹੀਆਂ ਕਮੀ-ਪੇਸ਼ੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਸ਼ਹੀਦ ਪਰਿਵਾਰਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਤ ਥਾਣਿਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ।
- Download Babushahi App
-
-