ਸਾਂਝੇ ਮਜ਼ਦੂਰ ਮੋਰਚੇ ਵੱਲੋਂ ਮਜ਼ਦੂਰ ਆਗੂ ਗੁਰਨਾਮ ਸਿੰਘ ਦਾਊਦ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਅਸ਼ੋਕ ਊ
ਬਠਿੰਡਾ,1 ਸਤੰਬਰ 2026 :ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਅੱਜ ਸਵੇਰੇ ਸੜਕ ਹਾਦਸੇ ਦੌਰਾਨ ਵਿਛੋੜਾ ਦੇ ਗਏ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਤੇ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂ ਸਾਥੀ ਗੁਰਨਾਮ ਸਿੰਘ ਦਾਊਦ ਦੀ ਬੇਵਕਤ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਾਂਝੇ ਮਜ਼ਦੂਰ ਮੋਰਚੇ ਦੇ ਵੱਲੋਂ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ , ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਵਰਾ , ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ , ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਨੇ ਆਖਿਆ ਕਿ ਮਜ਼ਦੂਰ ਆਗੂ ਗੁਰਨਾਮ ਸਿੰਘ ਦਾਊਦ ਦੀ ਮੌਤ ਨਾਲ ਪੇਂਡੂ ਤੇ ਖੇਤ ਮਜ਼ਦੂਰ ਲਹਿਰ ਲਈ ਵੱਡਾ ਝਟਕਾ ਲੱਗਾ ਹੈ।
ਉਹਨਾਂ ਆਖਿਆ ਕਿ ਸਾਥੀ ਗੁਰਨਾਮ ਸਿੰਘ ਦਾਊਦ ਵੱਲੋਂ ਆਰਥਿਕ, ਸਮਾਜਿਕ ਤੇ ਜਾਤਪਤੀ ਵਿਤਕਰੇ ਦਾ ਸੰਤਾਪ ਹੰਡਾਉਂਦੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਜਥੇਬੰਦ ਕਰਕੇ ਉਹਨਾਂ ਦੇ ਹੱਕਾਂ ਹਿੱਤਾਂ ਲਈ ਤਾ ਉਮਰ ਲੰਮੀ ਘਾਲਣਾ ਘਾਲੀ। ਮਜ਼ਦੂਰ ਆਗੂਆਂ ਨੇ ਆਖਿਆ ਕਿ ਸਾਥੀ ਗੁਰਨਾਮ ਸਿੰਘ ਦਾਊਦ ਨੇ ਜਿੱਥੇ ਆਪਣੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਦੀ ਮਜਬੂਤੀ ਲਈ ਅਣਥੱਕ ਘਾਲਣਾ ਘਾਲੀ, ਉਥੇ ਉਹਨਾਂ ਦੇ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀਆਂ ਸੰਘਰਸ਼ ਸਰਗਰਮੀਆਂ ਵਿੱਚ ਵੀ ਵਡਮੁੱਲਾ ਯੋਗਦਾਨ ਪਾਇਆ । ਉਹਨਾਂ ਸਾਥੀ ਗੁਰਨਾਮ ਸਿੰਘ ਦਾਊਦ ਦੇ ਪਰਿਵਾਰ ਤੇ ਉਹਨਾਂ ਦੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਦੇ ਦੁਖ 'ਚ ਸ਼ਰੀਕ ਹੁੰਦਿਆਂ ਅਹਿਦ ਕੀਤਾ ਕਿ ਸਾਂਝਾ ਮਜ਼ਦੂਰ ਮੋਰਚਾ ਪੰਜਾਬ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਹਿੱਤਾਂ ਦੀ ਰਾਖੀ ਲਈ ਜੱਦੋ ਜਹਿਦ ਜਾਰੀ ਰੱਖੇਗਾ।
- Download Babushahi App
-
-