ਸਾਬਕਾ ਫੌਜੀਆਂ ਤੇ ਸ਼ਹੀਦਾਂ ਦੇ ਪ੍ਰੀਵਾਰਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ : ਮੋਹਿੰਦਰ ਭਗਤ
ਅਸ਼ੋਕ ਵਰਮਾ
ਬਠਿੰਡਾ, 22 ਦਸੰਬਰ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਫੌਜੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਨੇ ਸਥਾਨਕ ਸੈਨਿਕ ਭਲਾਈ ਦਫਤਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਸੈਨਿਕ ਰੈਸਟ ਹਾਊਸ ਦੀ ਨਵੀਨੀਂਕਰਨ ਕੀਤੀ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਬਕਾ ਸੈਨਿਕਾਂ ਤੇ ਸਾਡੇ ਦੇਸ਼ ਨੂੰ ਮਾਣ ਹੈ। ਸੂਬਾ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਮਾਨ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨਾਲ ਤਾਲਮੇਲ ਕਰਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਸਮੇਂ-ਸਿਰ ਕੀਤਾ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਬਿਹਤਰੀ ਅਤੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਉਨ੍ਹਾਂ ਦਾ ਦੇਣਾ ਅਸੀਂ ਦੇ ਸਕਦੇ ਹਾਂ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿਨ ਪ੍ਰਤੀ ਦਿਨ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 60 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜ਼ਨਾ ਤਹਿਤ ਪ੍ਰਤੀ ਪਰਿਵਾਰ ਵੱਲੋਂ 1 ਸਾਲ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ਼ ਕਰਵਾਇਆ ਜਾ ਸਕੇਗਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਦੇ 9 ਪਰਿਵਾਰਾਂ/ਆਸ਼ਰਿਤਾਂ ਨੂੰ ਜਿੱਥੇ 2 ਲੱਖ 50 ਹਜ਼ਾਰ ਰੁਪਏ ਦੇ ਚੈੱਕ ਭੇਂਟ ਕੀਤੇ, ਉੱਥੇ ਹੀ ਲੋੜਵੰਦ ਸਾਬਕਾ ਸੈਨਿਕ ਨੂੰ ਇਲੈਕਟ੍ਰਿਕ ਟ੍ਰਾਈ ਸਕੂਟਰ ਵੀ ਮੁਹੱਈਆ ਕਰਵਾਇਆ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਸ਼ਹੀਦ ਹੋਏ ਸੈਨਿਕਾਂ ਨੂੰ 2 ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।
ਇਸ ਤੋਂ ਪਹਿਲਾਂ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 78 ਸੇਵਾਮੁਕਤ ਅਧਿਕਾਰੀ, 8727 ਸਾਬਕਾ ਫੌਜੀ, 2197 ਵਿਧਵਾਵਾਂ, 36 ਜੰਗੀ ਵਿਧਵਾਵਾਂ ਅਤੇ 41 ਪੁਰਸਕਾਰ ਜੇਤੂ ਹਨ।
ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਇੰਮਪਰੂਵਮੈਂਟ ਟ੍ਰਸਟ, ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸੈਕਿਨ ਬੋਰਡ ਦੇ ਮੀਤ ਪ੍ਰਧਾਨ ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੇਵਾਮੁਕਤ), ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਵੀਰਨਾਰੀਆਂ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਟਾਫ਼ ਆਦਿ ਹਾਜ਼ਰ ਸੀ।