ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਰੋਸ ਰੈਲੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ 19 ਅਕਤੂਬਰ 2026 :ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਪਲਾਂਟ ਦੇ ਮੁੱਖ ਗੇਟ ਤੇ ਕੀਤੀ ਰੋਸ ਰੈਲੀ। ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਭੰਗੂ,ਮੀਤ ਪ੍ਰਧਾਨ ਬਲਜਿੰਦਰ ਮਾਨ,ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਫੈਸਲਾ ਕੀਤਾ ਹੈ ਪਰ ਮੈਨੇਜ਼ਮੈਂਟ ਵੱਲੋਂ ਥਰਮਲ ਪਲਾਂਟ ਦੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ਤੇ ਰੋਕ ਲਗਾ ਦਿੱਤੀ ਹੈ। ਜਿਸਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ,ਜੇਕਰ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਜਲਦ ਨਿਯੁਕਤੀ ਪੱਤਰ ਨਾ ਸੌਂਪੇ ਗਏ ਤਾਂ ਸਮੂਹ ਸਰਕਲਾਂ ਠੇਕਾ ਮੁਲਾਜ਼ਮ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੇ ਬੈਨਰ ਹੇਠ 22 ਅਕਤੂਬਰ ਨੂੰ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ।
- Download Babushahi App
-
-