ਸਿਹਤ ਵਿਭਾਗ ਨੇ ਟਰੱਕ ਡਰਾਈਵਰਾਂ ਨੂੰ ਦੱਸਿਆ ਅੱਖਾਂ ਗਈਆਂ ਜਹਾਨ ਗਿਆ-ਦੰਦ ਗਏ ਸਵਾਦ ਗਿਆ
ਅਸ਼ੋਕ ਵਰਮਾ
ਬਠਿੰਡਾ, 29 ਸਤੰਬਰ 2026 ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਟਰੱਕ ਯੂਨੀਅਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਬਠਿੰਡਾ ਵੱਲੋਂ ਟਰੱਕ ਯੂਨੀਅਨ ਬਠਿੰਡਾ ਵਿਖੇ ਡਰਾਈਵਰ ਭਾਈਚਾਰੇ ਅਤੇ ਯੂਨੀਅਨ ਨਾਲ ਜੁੜੇ ਵਿਅਕਤੀਆਂ ਲਈ ਸਿਹਤ ਮੈਗਾ ਕੈਂਪ ਲਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਅਤੇ ਬਚਾਅ ਸਬੰਧੀ ਜਾਗਰੂਕ ਕਰਨਾ ਸੀ।ਇਸ ਮੌਕੇ ਵੱਖ-ਵੱਖ ਟੀਮਾਂ ਵੱਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ,ਅੱਖਾਂ ਦੀ ਜਾਂਚ, ਟੀ.ਬੀ ਸਕਰੀਨਿੰਗ ਤਹਿਤ ਮੁਫ਼ਤ ਐਕਸ-ਰੇ ਆਦਿ ਦੀ ਜਾਂਚ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਦਿਲ ਦੀਆਂ ਬਿਮਾਰੀਆਂ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਡਰਾਈਵਰਾਂ ਨੂੰ ਅੱਖਾਂ ਦੀ ਸਿਹਤ, ਦਿਲ ਦੀਆਂ ਬਿਮਾਰੀਆਂ, ਮੂੰਹ ਦੀ ਸਿਹਤ, ਟੀਕਾਕਰਨ, ਟੀ.ਬੀ., ਤੰਬਾਕੂ ਕੰਟਰੋਲ, ਲੰਬੇ ਸਮੇਂ ਤੱਕ ਬੈਠਣ, ਅਨਿਯਮਿਤ ਖਾਣ-ਪੀਣ, ਤੰਬਾਕੂਨੋਸ਼ੀ ਅਤੇ ਨੀਂਦ ਦੀ ਕਮੀ ਤੋਂ ਹੋਣ ਵਾਲੇ ਸਿਹਤ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸੰਤੁਲਿਤ ਖੁਰਾਕ ਲੈਣ, ਨਿਯਮਤ ਸਰੀਰਕ ਕਸਰਤ ਕਰਨ, ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
- Download Babushahi App
-
-