ਸੁਖਬੀਰ ਸਿੰਘ ਬਾਦਲ ਸਮੇਤ ਕਈ ਮੁਲਜ਼ਮ ਚੰਡੀਗੜ੍ਹ ਅਦਾਲਤ ’ਚ ਪੇਸ਼, ਅਦਾਲਤ ਵੱਲੋਂ ਜਾਂਚ ਦੀ ਸਥਿਤੀ ਸਪੱਸ਼ਟ ਕਰਨ ਦੇ ਹੁਕਮ
ਚੰਡੀਗੜ੍ਹ: 3 ਸਤੰਬਰ 2026
ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੁਲਜ਼ਮ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਸੁਣਵਾਈ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਇਸ ਮਾਮਲੇ ਵਿੱਚ ਪੰਜਾਬ ਦੇ ਕਈ ਸਾਬਕਾ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੁਲਜ਼ਮ ਵਜੋਂ ਨਾਮਜ਼ਦ ਹਨ। ਇਹਨਾਂ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ, ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਮਾਨ ਸ਼ਾਮਲ ਹਨ। ਸੁਣਵਾਈ ਸ਼ੁਰੂ ਹੁੰਦਿਆਂ ਹੀ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਕਾਫ਼ੀ ਭੰਬਲਭੂਸਾ ਬਣਿਆ ਹੋਇਆ ਹੈ। ਉਹਨਾਂ ਨੇ ਮੰਗ ਕੀਤੀ ਕਿ ਸਰਕਾਰੀ ਧਿਰ (Prosecution) ਨੂੰ ਬਾਕੀ ਰਹਿੰਦੀ ਪੈਂਡਿੰਗ ਜਾਂਚ ਦੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਇਸ ’ਤੇ ਅਦਾਲਤ ਨੇ ਸਰਕਾਰੀ ਧਿਰ ਨੂੰ ਹੁਕਮ ਦਿੱਤਾ ਕਿ ਉਹ ਅਗਲੀ ਸੁਣਵਾਈ ’ਤੇ ਸਾਰੇ ਮਾਮਲਿਆਂ ਨਾਲ ਸਬੰਧਤ ਜਾਂਚ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਸਥਿਤੀ ਸਪੱਸ਼ਟ ਕਰੇ। ਇਸ ਤੋਂ ਪਹਿਲਾਂ 10 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ ਸਰਕਾਰੀ ਵਕੀਲ ਰਾਹੀਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਬਕਾਇਆ ਜਾਂਚ ਸਬੰਧੀ ਸੀਲਬੰਦ ਲਿਫ਼ਾਫ਼ੇ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਬੀਤੀ ਅਪ੍ਰੈਲ ਵਿੱਚ ਕੋਟਕਪੂਰਾ ਗੋਲੀਬਾਰੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਬੇਅਦਬੀ ਦੇ ਮਾਮਲਿਆਂ ਦਾ ਟ੍ਰਾਇਲ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਹ ਘਟਨਾ 14 ਅਕਤੂਬਰ 2015 ਨੂੰ ਵਾਪਰੀ ਸੀ, ਜਦੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਪਿੰਡਾਂ ਵਿੱਚ ਹੋਈ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਕਥਿਤ ਤੌਰ ’ਤੇ ਗੋਲੀਬਾਰੀ ਕੀਤੀ ਗਈ ਸੀ। ਇਸ ਘਟਨਾ ਵਿੱਚ ਕਈ ਲੋਕ ਜ਼ਖ਼ਮੀ ਹੋਏ ਸਨ, ਜਦਕਿ ਨਾਲ ਲੱਗਦੇ ਬਹਿਬਲ ਕਲਾਂ ਵਿੱਚ ਹੋਈ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਸੀ।
- Download Babushahi App
-
-