ਸੂਬਾ ਅਤੇ ਕੇਂਦਰ ਸਰਕਾਰ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰੇ: ਪ੍ਰੋ ਚੰਦੂਮਾਜਰਾ
ਪ੍ਰੋ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵੱਲੋਂ ਗਵਰਨਰ ਦੇ ਨਾਂ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਸੌਂਪਿਆ ਮੰਗ ਪੱਤਰ
ਮੋਹਾਲੀ , 1 ਜੂਨ():ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅੱਜ ਇੱਕ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਪੰਥ ਅਤੇ ਪੰਜਾਬ ਨਾਲ ਜੁੜੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਪੰਜਾਬ ਦੇ ਸੰਵਿਧਾਨਕ, ਆਰਥਿਕ ਅਤੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ, ਤਾਂ ਪੰਜਾਬ ਵਿਚ ਲੋਕਾਂ ਵਿਚ ਕੇਂਦਰ ਵੱਲੋਂ ਬੇਗਾਨੇਪਨ ਅਤੇ ਸੂਬਾ ਸਰਕਾਰ ਵੱਲੋਂ ਲੁੱਟੇ ਅਤੇ ਕੁੱਟੇ ਜਾਣ ਦੀ ਭਾਵਨਾ ਪੈਦਾ ਨਾ ਹੋਵੇ।
ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਅਤੇ ਪੰਜਾਬ ਦੇ ਮਸਲਿਆਂ ’ਤੇ ਡੱਟ ਕੇ ਪਹਿਰਾ ਦੇਵੇਗੀ ਅਤੇ ਸੂਬੇ ਵਿਚ ਜਿਹੜਾ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ, ਉਸ ਵਿਚੋਂ ਸੂਬੇ ਦੇ ਲੋਕਾਂ ਨੂੰ ਕੱਢਿਆ ਜਾ ਸਕੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿਤਾਂ ਦੀ ਰੱਖਿਆ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।ਇਸ ਮੌਕੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਵਿੱਚ “ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)”, ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ, ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਪੰਜਾਬ ਦੇ ਪਾਣੀਆਂ ਦੇ ਹੱਕ, ਕਿਸਾਨਾਂ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦੇ, ਕਿਸਾਨਾਂ ਦੀਆਂ 23 ਫਸਲਾਂ ਉੱਤੇ ਐੱਮਐੱਸਪੀ, ਸੂਬੇ ਦੇ ਆਰਥਿਕ ਹਿਤਾਂ ਦੀ ਰੱਖਿਆ, ਪੰਜਾਬ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਇਸ ਸਬੰਧ ਵਿਚ ਜਲਦ ਹੀ ਢੁਕਵੇਂ ਫ਼ੈਸਲੇ ਲਏ ਜਾਣ।
ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ, ਹਰਦੇਵ ਸਿੰਘ ਹਰਪਾਲਪੁਰ, ਮਨਜੀਤ ਸਿੰਘ ਮੁੰਧੋ, ਸਿਕੰਦਰ ਸਿੰਘ ਬੂਥਗੜ੍ਹ, ਗੁਰਮੀਤ ਸਿੰਘ ਬੂਥਗੜ੍ਹ, ਬਲਵਿੰਦਰ ਸਿੰਘ ਕਾਦੀ ਮਾਜਰਾ, ਅਰਵਿੰਦਰ ਸਿੰਘ ਪਿੰਟਾ, ਗੁਰਮੀਤ ਸਿੰਘ ਮਕੜੌਨਾ, ਪਰਗਟ ਰੌਲੂਮਾਜਰਾ, ਹਰਬੰਸ ਸਿੰਘ ਕੰਧੋਲਾ, ਹਰਭਜਨ ਸਿੰਘ ਸ਼ੇਰਗਿੱਲ, ਪ੍ਰੀਤਮ ਸਿੰਘ ਸੱਲੋਮਾਜਰਾ,ਕਰਮਜੀਤ ਸਿੰਘ ਕੰਮਾਂ, ਗੁਰਪ੍ਰਤਾਪ ਸਿੰਘ ਬੜੀ ਮੱਖਣ ਸਿੰਘ ਗੀਗੇਮਾਜਰਾ, ਪ੍ਰੀਤ ਰਠੌਰ, ਹੈਰੀ ਖਿਆਲਾ, ਗੁਰਮੀਤ ਸਿੰਘ ਗੀਗੇਮਾਜਰਾ, ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।
- Download Babushahi App
-
-