ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਹੁਕਮ! ਵੈੱਬਸਾਈਟ 'ਤੇ ਨਹੀਂ ਪਾਇਆ ਜਾਵੇਗਾ ਪਾਵਨ ਸਰੂਪਾਂ ਦਾ ਵੇਰਵਾ- ਜਥੇਦਾਰ ਗੜਗੱਜ
ਗੁਰੂ ਸਾਹਿਬ ਦੀ ਮਰਯਾਦਾ ਅਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਲਿਆ ਗਿਆ ਅਹਿਮ ਫੈਸਲਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕੀਤਾ ਸੂਚਿਤ
Babushahi Network
ਅੰਮ੍ਰਿਤਸਰ, 8 ਮਈ 2026: ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮਰਯਾਦਾ ਅਤੇ ਸੁਰੱਖਿਆ ਨੂੰ ਲੈ ਕੇ ਇੱਕ ਬੇਹੱਦ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ, ਹੁਣ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਵੇਰਵਾ ਕਿਸੇ ਵੀ ਵੈੱਬਸਾਈਟ ਜਾਂ ਜਨਤਕ ਡਿਜੀਟਲ ਪਲੇਟਫਾਰਮ 'ਤੇ ਨਹੀਂ ਪਾਇਆ ਜਾਵੇਗਾ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਵਿੱਚ ਕੀਤੀਆਂ ਸੋਧਾਂ ਰਾਹੀਂ, ਪਾਵਨ ਸਰੂਪਾਂ ਦੀ ਜਾਣਕਾਰੀ Website ਜਰੀਏ ਸਾਂਝੀ ਕਰਨ ਨਾਲ ਮਰਯਾਦਾ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਕਿ ਗੁਰੂ ਸਾਹਿਬ ਕੋਈ ਵਸਤੂ ਨਹੀਂ ਹਨ, ਜਿਨ੍ਹਾਂ ਦਾ ਵੇਰਵਾ ਆਮ ਚੀਜ਼ਾਂ ਵਾਂਗ ਵੈੱਬਸਾਈਟ 'ਤੇ ਦਿੱਤਾ ਜਾਵੇ। ਗੁਰੂ ਸਾਹਿਬ "ਜਾਗਤ ਜੋਤ" ਹਨ ਅਤੇ ਉਨ੍ਹਾਂ ਦਾ ਸਤਿਕਾਰ ਸਰਵਉੱਚ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ, "ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਕਿਸੇ ਵੀ ਸੰਸਥਾ, ਗੁਰਦੁਆਰਾ ਕਮੇਟੀ ਜਾਂ ਵਿਅਕਤੀ ਵਿਸ਼ੇਸ਼ ਨੂੰ ਇਹ ਇਜਾਜ਼ਤ ਨਹੀਂ ਹੋਵੇਗੀ ਕਿ ਉਹ ਪਾਵਨ ਸਰੂਪਾਂ ਦੀ ਗਿਣਤੀ ਜਾਂ ਹੋਰ ਵੇਰਵੇ ਵੈੱਬਸਾਈਟਾਂ 'ਤੇ ਨਸ਼ਰ ਕਰੇ। ਇਹ ਫੈਸਲਾ ਸਿੱਖ ਰਹਿਤ ਮਰਯਾਦਾ ਅਤੇ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣ ਲਈ ਲਿਆ ਗਿਆ ਹੈ।"
ਜਥੇਦਾਰ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਪ੍ਰਬੰਧਕੀ ਕਮੇਟੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
- Download Babushahi App
-
-