ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਲਈ ਹੋਇਆ ਰਵਾਨਾ
ਗੋਇੰਦਵਾਲ ਸਾਹਿਬ/ਅੰਮ੍ਰਿਤਸਰ, 5 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਜਿਥੇ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ ਉਥੇ ਖੰਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਕਾਰ ਸੇਵਾ ਖੰਡੂਰ ਸਾਹਿਬ ਵਾਲਿਆਂ ਨੇ ਵੀ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ। ਸਾਰੇ ਰਸਤੇ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ। ਭਲਕੇ 6 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਛੇਹਰਟਾ ਸਾਹਿਬ ਜਾਵੇਗਾ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਸ. ਅਮਰਜੀਤ ਸਿੰਘ ਬੰਡਾਲਾ,ਸ. ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ. ਗੁਰਾ ਸਿੰਘ, ਵਧੀਕ ਮੈਨੇਜਰ ਸ. ਸਰਬਜੀਤ ਸਿੰਘ, ਸ. ਨਿਰਮਲਜੀਤ ਸਿੰਘ ਕਾਹਲਵਾਂ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।