ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ
ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ
ਭਿੱਖੀਵਿੰਡ 23 ਨਵੰਬਰ, 2026
ਖੇਮਕਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਭਾਰਤੀਆਂ ਅਤੇ ਸਿੱਖ ਸੰਗਤਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਆਪਣੇ ਸੰਦੇਸ਼ ਵਿੱਚ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਇਆ ਗਿਆ ਸੱਚ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸਿਧਾਂਤ ਸਮੁੱਚੀ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ, ਧਾਰਮਿਕ ਵਖਰੇਵਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਬਰਾਬਰਤਾ ਵਾਲਾ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੇ ਸੰਸਾਰ ਨੂੰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਮਾਨਵਤਾ ਦੀ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿੱਚ ਮਹੱਤਤਾ ਹੋਰ ਵੀ ਵਧ ਗਈ ਹੈ।
ਵਿਧਾਇਕ ਧੁੰਨ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਤੇ ਮਨੁੱਖਤਾ ਦੀ ਸੇਵਾ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।
ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਚੜ੍ਹਦੀ ਕਲਾ ਲੈ ਕੇ ਆਵੇ।
- Download Babushahi App
-
-