ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ
ਗੁਰਦਾਸਪੁਰ, 4 ਅਗਸਤ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਗੁਰਦਾਸਪੁਰ ਹਲਕੇ ਦੇ ਪਿੰਡ ਕੋਟ ਮੋਹਨ ਲਾਲ ਅਤੇ ਪੁਰੇਵਾਲ ਜੱਟਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵਿਖਾਈ ਗਈ।
ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਫ਼ਿਲਮ ਨੂੰ ਦੇਖਿਆ। ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖਤਾ, ਸਮਾਨਤਾ, ਭਾਈਚਾਰੇ, ਕਿਰਤ, ਸੱਚਾਈ ਅਤੇ ਸਰਬੱਤ ਦੇ ਭਲੇ ਦਾ ਦਿੱਤਾ ਗਿਆ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਬਰਾਬਰੀ ਨੂੰ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤ ਮਹਾਪੁਰਖਾਂ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ਨਾਲ ਜੋੜਨਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹੇ ਭਰ ਵਿੱਚ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਸਮਾਜ ਦੇ ਹਰ ਵਰਗ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ ਜਾ ਸਕੇ।
- Download Babushahi App
-
-