ਸੰਜੀਵ ਅਰੋੜਾ ਪਰਿਵਾਰ ਸਮੇਤ ਫ਼ਤਹਿਗੜ੍ਹ ਸਾਹਿਬ ਨਤਮਸਤਕ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ
ਫ਼ਤਹਿਗੜ੍ਹ ਸਾਹਿਬ, 25 ਦਸੰਬਰ 2025: ਕੈਬਨਿਟ ਮੰਤਰੀ ਸੰਜੀਵ ਅਰੋੜਾ ਪਰਿਵਾਰ ਸਮੇਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਅਰੋੜਾ ਨੇ ਸ਼ਹੀਦੀ ਸਭਾ ਦੇ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਸ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਜੋ ਸਿੱਖ ਇਤਿਹਾਸ ਅਤੇ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹੈ। ਲਾਸਾਨੀ ਕੁਰਬਾਨੀ ਬਾਰੇ ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਜ਼ੁਲਮ ਵਿਰੁੱਧ ਜੋ ਦਲੇਰੀ ਦਿਖਾਈ। ਦੁਨੀਆ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਸਭ ਤੋਂ ਵੱਡੀ ਹੈ। ਮਾਤਾ ਗੁਜਰੀ ਜੀ ਦੇ ਤਿਆਗ ਅਤੇ ਧਰਮ ਪ੍ਰਤੀ ਅਟੱਲ ਵਿਸ਼ਵਾਸ ਨੂੰ ਵੀ ਉਨ੍ਹਾਂ ਨੇ ਨਮਸਤਕ ਹੋ ਕੇ ਯਾਦ ਕੀਤਾ।

ਇਸ ਮੌਕੇ ਸੰਜੀਵ ਅਰੋੜਾ ਨੇ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਸਾਨੂੰ ਹਮੇਸ਼ਾ ਹੱਕ ਅਤੇ ਸੱਚ ਦੀ ਰਾਹ 'ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਹੋਰ ਪਤਵੰਤੇ ਸੱਜਣ ਅਤੇ ਸ਼ਰਧਾਲੂ ਵੀ ਮੌਜੂਦ ਸਨ।
