ਸੱਜਣ ਕੁਮਾਰ ਦੇ ਭੋਗ ’ਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਖ਼ਿਲਾਫ਼ ਬਠਿੰਡਾ ’ਚ ‘ਆਪ’ ਦਾ ਰੋਸ ਪ੍ਰਦਰਸ਼ਨ
ਭਾਜਪਾ ਦੇ ਦੋਗਲੇ ਚਿਹਰੇ ਅਤੇ ਦੋਹਰੇ ਮਾਪਦੰਡਾਂ ਖ਼ਿਲਾਫ਼ ‘ਆਪ’ ਆਗੂਆਂ ਤੇ ਚੇਅਰਮੈਨਾਂ ਨੇ ਭਾਜਪਾ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ, 1 ਸਤੰਬਰ: ਆਮ ਆਦਮੀ ਪਾਰਟੀ ਬਠਿੰਡਾ ਜ਼ਿਲ੍ਹੇ ਦੇ ਆਗੂਆਂ, ਚੇਅਰਮੈਨਾਂ ਅਤੇ ਵਰਕਰਾਂ ਵੱਲੋਂ ਅੱਜ ਭਾਜਪਾ ਦਫ਼ਤਰ ਦੇ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਦੇ ਵਿਰੋਧ ਵਿੱਚ ਕੀਤਾ ਗਿਆ।‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਇੱਕ ਪਾਸੇ ਸਿੱਖਾਂ ਅਤੇ ਪੰਜਾਬ ਪ੍ਰਤੀ ਹਮਦਰਦੀ ਦੀਆਂ ਗੱਲਾਂ ਕਰਦੀ ਹੈ, ਪਰ ਦੂਜੇ ਪਾਸੇ ਉਸਦੇ ਸੰਸਦ ਮੈਂਬਰ ਅਜਿਹੇ ਵਿਅਕਤੀ ਦੇ ਪਰਿਵਾਰ ਨਾਲ ਸ਼ੋਕ ਸਾਂਝਾ ਕਰਨ ਪਹੁੰਚਦੇ ਹਨ, ਜਿਸ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। ਇਸ ਨੂੰ ਭਾਜਪਾ ਦਾ ਦੋਗਲਾ ਚਿਹਰਾ ਅਤੇ ਦੋਹਰਾ ਮਾਪਦੰਡ ਕਰਾਰ ਦਿੰਦਿਆਂ ਆਗੂਆਂ ਨੇ ਭਾਜਪਾ ਹਾਈਕਮਾਂਡ ਤੋਂ ਸਪੱਸ਼ਟ ਜਵਾਬ ਮੰਗਿਆ।
‘ਆਪ’ ਆਗੂਆਂ ਨੇ ਕਿਹਾ ਕਿ 1984 ਦਾ ਦਰਦ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਦਿਲਾਂ ਵਿੱਚ ਅੱਜ ਵੀ ਜਿਉਂਦਾ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰੇ ਗੁਆਏ ਅਤੇ ਜਿਨ੍ਹਾਂ ਨੇ ਉਸ ਦੌਰ ਦੀ ਹਿੰਸਾ ਦਾ ਦਰਦ ਝੱਲਿਆ, ਉਨ੍ਹਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਅਜਿਹੀ ਸ਼ਮੂਲੀਅਤ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਭਾਜਪਾ ਸੱਚਮੁੱਚ 1984 ਦੇ ਪੀੜਤ ਸਿੱਖ ਪਰਿਵਾਰਾਂ ਦੇ ਦਰਦ ਨੂੰ ਸਮਝਦੀ ਹੈ ਤਾਂ ਉਹ ਆਪਣੇ ਸੰਸਦ ਮੈਂਬਰਾਂ ਦੀ ਇਸ ਕਾਰਵਾਈ ’ਤੇ ਸਿਰਫ਼ ਸਪੱਸ਼ਟੀਕਰਨ ਮੰਗਣ ਤੱਕ ਸੀਮਤ ਕਿਉਂ ਹੈ? ਭਾਜਪਾ ਨੂੰ ਪੰਜਾਬ ਅਤੇ ਸਿੱਖ ਭਾਈਚਾਰੇ ਸਾਹਮਣੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਇਸ ਦੋਗਲੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਧਰਮ, ਸਿੱਖ ਭਾਵਨਾਵਾਂ ਅਤੇ ਇਤਿਹਾਸਕ ਦਰਦ ਨੂੰ ਸਿਆਸੀ ਲਾਭ ਲਈ ਵਰਤਣ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।ਇਸ ਰੋਸ ਪ੍ਰਦਰਸ਼ਨ ਵਿੱਚ ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾ ਫੂਲ, ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ, ਇੰਦਰਜੀਤ ਸਿੰਘ ਮਾਨ ਸੂਬਾ ਸਕੱਤਰ ਅਤੇ ਚੇਅਰਮੈਨ ਮਾਰਕਫੈੱਡ ਪੰਜਾਬ, ਨਵਦੀਪ ਸਿੰਘ ਜੀਦਾ ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਸ਼ੂਗਰਫੈੱਡ ਪੰਜਾਬ,ਗੋਪਾਲ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ,ਅਮਰਦੀਪ ਰਾਜਨ ਚੇਅਰਮੈਨ ਕੋਆਪਰੇਟਿਵ ਬੈਂਕ ਬਠਿੰਡਾ, ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ, ਪ੍ਰੋ. ਰਿਪਨਦੀਪ ਸਿੰਘ ਸਿੱਧੂ ਜਿਲ੍ਹਾ ਮੀਡੀਆ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਚੇਅਰਮੈਨ ,ਅਹੁਦੇਦਾਰ,
ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
- Download Babushahi App
-
-