ਹਰਗੋਬਿੰਦ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਸਾੜੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ
ਅਸ਼ੋਕ ਵਰਮਾ
ਬਠਿੰਡਾ, 15 ਨਵੰਬਰ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਵੱਲੋਂ 17 ਨਵੰਬਰ ਤੋਂ ਸਰਕਾਰ ਦੇ ਪੁਤਲੇ ਸਾੜੇ ਜਾਣਗੇ।
ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ 'ਤੇ ਕੋਈ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁੱਖ ਮੰਤਰੀ ਨੇ ਇੱਕ ਵਾਰ ਵੀ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ।
ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਕੇ ਵੱਡੇ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ। ਇਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੇ ਨਾਂ 'ਤੇ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ, ਜਦਕਿ ਇਸ ਕੰਮ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਦੇ ਵਿਰੋਧ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 17 ਨਵੰਬਰ ਤੋਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਹ ਰੋਸ ਮੁਹਿੰਮ 6 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਮੀਟਿੰਗ ਕਰਕੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਅਜੇ ਵੀ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ।
- Download Babushahi App
-
-