ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ! ਡਾ. ਦਲਜੀਤ ਚੀਮਾ ਨੇ CM ਮਾਨ ਦੀ ਚਿੱਠੀ ਦਾ ਕੀਤਾ ਸਵਾਗਤ
‘ਬਿਰਧ ਮਾਪਿਆਂ ਦੀ ਸੇਵਾ ਕਰਨਾ ਹਰ ਬੱਚੇ ਦਾ ਹੱਕ, ਪੈਰੋਲ ਲਈ ਪ੍ਰਕਿਰਿਆ ਤੁਰੰਤ ਪੂਰੀ ਹੋਵੇ’
ਚੰਡੀਗੜ੍ਹ, 8 ਅਗਸਤ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜੇਲ੍ਹ ਵਿੱਚ ਲੰਬੇ ਸਮੇਂ ਤੋਂ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਹਮਾਇਤ ਕੀਤੀ ਹੈ। ਇੱਕ ਨਿੱਜੀ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਿਰਧ ਮਾਪਿਆਂ ਦੀ ਸੇਵਾ ਕਰਨਾ ਹਰ ਬੱਚੇ ਦਾ ਹੱਕ ਹੈ ਅਤੇ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਹਵਾਰਾ ਦੀ ਪੈਰੋਲ ਅਰਜ਼ੀ ’ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਵਾਰਾ ਦੀ 10 ਦਿਨਾਂ ਦੀ ਪੈਰੋਲ ਲਈ ਲਿਖੀ ਚਿੱਠੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹਵਾਰਾ ਦਾ ਹੋਮ ਟਾਊਨ ਪੰਜਾਬ ਹੋਣ ਕਰਕੇ ਪੈਰੋਲ ਸਬੰਧੀ ਲੋੜੀਂਦੀ ਸਰਕਾਰੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਪੈਰੋਲ ਦੇਣਾ ਇੱਕ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਹੈ, ਇਸ ਲਈ ਸਬੰਧਤ ਅਧਿਕਾਰੀਆਂ ਵੱਲੋਂ ਰਿਪੋਰਟ ਅਤੇ ਕਲੀਅਰੈਂਸ ਤੁਰੰਤ ਭੇਜੀ ਜਾਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਦਾਲਤ ਵਿੱਚ ਵੀ ਸੁਣਵਾਈ ਹੋ ਚੁੱਕੀ ਹੈ ਅਤੇ 6 ਜੁਲਾਈ ਨੂੰ ਅਦਾਲਤ ਵੱਲੋਂ ਲੋੜੀਂਦੇ ਨਿਰਦੇਸ਼ ਦਿੱਤੇ ਗਏ ਸਨ। ਡਾ. ਚੀਮਾ ਨੇ ਕਿਹਾ ਕਿ ਜੇਕਰ ਹਵਾਰਾ ਫਤਿਹਗੜ੍ਹ ਸਾਹਿਬ ਆਉਣਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਲੈ ਕੇ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਡਾ. ਚੀਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਜੇਲ੍ਹ ਵਿੱਚ ਬਿਤਾਉਣ ਵਾਲੇ ਕਿਸੇ ਵੀ ਕੈਦੀ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਪੈਰੋਲ ਮਿਲਣ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੁੱਖ ਮੰਤਰੀ ਦੀ ਚਿੱਠੀ ਨੂੰ ਇੱਕ ਚੰਗਾ ਕਦਮ ਦੱਸਦਿਆਂ ਕਿਹਾ ਕਿ ਹੁਣ ਸਬੰਧਤ ਵਿਭਾਗਾਂ ਨੂੰ ਬਿਨਾਂ ਦੇਰੀ ਅਗਲੀ ਕਾਰਵਾਈ ਕਰਨੀ ਚਾਹੀਦੀ ਹੈ।
- Download Babushahi App
-
-