ਹੁਨਰ ਪੰਜਾਬ ਪੋਰਟਲ ਨਾਲ ਖੁੱਲ੍ਹਣਗੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ
51 ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਨੂੰ ਦਿੱਤੀ ਗਈ ਸਿਖਲਾਈ; 19 ਅਕਤੂਬਰ ਤੱਕ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼
ਰੋਹਿਤ ਗੁਪਤਾ
ਗੁਰਦਾਸਪੁਰ, 12 ਅਕਤੂਬਰ
ਪੰਜਾਬ ਸਰਕਾਰ ਦੀ ਪਹਿਲਕਦਮੀ ‘ਹੁਨਰ ਪੰਜਾਬ’ (HUNAR Punjab — Hub for Upskilling, Networking and Access to Rozgar) ਪੋਰਟਲ ਸਬੰਧੀ ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਪੰਜਾਬ ਸਟੇਟ ਬੇਅੰਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐੱਸ. ਕੇ. ਮਿਸ਼ਰਾ ਨੇ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ 51 ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਨੇ ਭਾਗ ਲਿਆ।
ਆਪਣੇ ਉਦਘਾਟਨੀ ਸੰਬੋਧਨ ਵਿੱਚ ਡਾ. ਐੱਸ. ਕੇ. ਮਿਸ਼ਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਉੱਚ ਸਿੱਖਿਆ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜ਼ਗਾਰਯੋਗ ਹੁਨਰਾਂ, ਵਿਹਾਰਕ ਗਿਆਨ ਅਤੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਵੀ ਹੈ। ਉਨ੍ਹਾਂ ਨੇ ਹੁਨਰ ਪੰਜਾਬ ਪੋਰਟਲ ਨੂੰ ਸਿੱਖਿਆ ਸੰਸਥਾਵਾਂ, ਵਿਦਿਆਰਥੀਆਂ, ਉਦਯੋਗਾਂ ਅਤੇ ਸਰਕਾਰੀ ਵਿਭਾਗਾਂ ਨੂੰ ਇੱਕ ਸਾਂਝੇ ਮੰਚ ’ਤੇ ਲਿਆਉਣ ਵਾਲੀ ਮਹੱਤਵਪੂਰਨ ਪਹਿਲਕਦਮੀ ਦੱਸਿਆ।
ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਉਦਯੋਗਾਂ ਨੂੰ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਤੱਕ ਪਹੁੰਚ ਬਣਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵਧੇਰੇ ਮੌਕਿਆਂ ਨਾਲ ਜੋੜਿਆ ਜਾ ਸਕੇਗਾ। ਉਨ੍ਹਾਂ ਨੇ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਨੂੰ ਇਸ ਪਹਿਲਕਦਮੀ ਨੂੰ ਗੰਭੀਰਤਾ ਨਾਲ ਲਾਗੂ ਕਰਨ ਅਤੇ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਜੋੜ ਕੇ ਦੇਖਣ ਦੀ ਅਪੀਲ ਕੀਤੀ।
ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਨਰ ਪੰਜਾਬ ਪੋਰਟਲ ਸਿੱਖਿਆ ਅਤੇ ਰੁਜ਼ਗਾਰ ਦਰਮਿਆਨ ਦੀ ਦੂਰੀ ਨੂੰ ਘਟਾਉਣ ਦਾ ਇੱਕ ਮਹੱਤਵਪੂਰਨ ਸਾਧਨ ਬਣ ਸਕਦਾ ਹੈ। ਕਾਲਜਾਂ ਦੀ ਜ਼ਿੰਮੇਵਾਰੀ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣਾ, ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਢੁਕਵੇਂ ਮੌਕਿਆਂ ਨਾਲ ਜੋੜਨਾ ਵੀ ਹੈ।
ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਸਫ਼ਲਤਾ ਲਈ ਵਿਦਿਆਰਥੀਆਂ ਦਾ ਸਹੀ ਅਤੇ ਅਪਡੇਟ ਡਾਟਾ, ਕੋਰਸਾਂ ਦੀ ਸਹੀ ਮੈਪਿੰਗ, ਵਿਦਿਆਰਥੀਆਂ ਦੇ ਪ੍ਰੋਫ਼ਾਈਲ ਦੀ ਤਸਦੀਕ ਅਤੇ ਪਲੇਸਮੈਂਟ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਾਰੇ ਸਿੱਖਿਆ ਸੰਸਥਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ ਨੂੰ ਕੇਵਲ ਇੱਕ ਸਰਕਾਰੀ ਡਿਜੀਟਲ ਪਲੇਟਫਾਰਮ ਨਾ ਸਮਝਣ, ਸਗੋਂ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਨੂੰ ਬਿਹਤਰ ਬਣਾਉਣ ਦੇ ਮੌਕੇ ਵਜੋਂ ਅਪਣਾਉਣ।
ਸਿਖਲਾਈ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਜਤਿੰਦਰ ਸਿੰਘ ਨੇ ਛੇ ਸਿਖਲਾਈ ਸੈਸ਼ਨਾਂ ਰਾਹੀਂ ਭਾਗੀਦਾਰਾਂ ਨੂੰ ਹੁਨਰ ਪੰਜਾਬ ਪੋਰਟਲ ਦੀ ਕਾਰਜਪ੍ਰਣਾਲੀ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਰਟਲ ’ਤੇ ਲੌਗਇਨ ਕਰਨ, ਕੋਰਸਾਂ ਦੀ ਜਾਣਕਾਰੀ ਦੇਖਣ, ਵਿਦਿਆਰਥੀਆਂ ਦੀ ਗਿਣਤੀ ਅਤੇ ਵੇਰਵੇ ਅਪਡੇਟ ਕਰਨ, ਵਿਦਿਆਰਥੀਆਂ ਦੇ ਪ੍ਰੋਫ਼ਾਈਲ ਦੀ ਤਸਦੀਕ ਕਰਨ, ਪਲੇਸਮੈਂਟ ਡਰਾਈਵਾਂ ਲਈ ਯੋਗ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਪਲੇਸਮੈਂਟ ਪ੍ਰਦਰਸ਼ਨ ਦੀ ਨਿਗਰਾਨੀ ਕਰਨ ਸਬੰਧੀ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ।
ਪ੍ਰੋ. ਜਤਿੰਦਰ ਸਿੰਘ ਨੇ ਜ਼ੋਰ ਦਿੱਤਾ ਕਿ ਪੋਰਟਲ ’ਤੇ ਦਰਜ ਕੀਤੀ ਜਾਣ ਵਾਲੀ ਜਾਣਕਾਰੀ ਸਹੀ, ਪੂਰੀ ਅਤੇ ਸਮੇਂ ਸਿਰ ਅਪਡੇਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰਾਂ ਅਤੇ ਸੰਸਥਾਵਾਂ ਦੇ ਮੁਖੀਆਂ ਵਿਚਕਾਰ ਬਿਹਤਰ ਤਾਲਮੇਲ ਨਾਲ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕਦੀ ਹੈ।
ਇਸ ਮੌਕੇ ਸਮੂਹ ਪ੍ਰਿੰਸੀਪਲ ਸਾਹਿਬਾਨ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ 19 ਅਕਤੂਬਰ 2026 ਤੱਕ ਆਪਣੇ-ਆਪਣੇ ਕਾਲਜਾਂ ਦੇ ਵਿਦਿਆਰਥੀਆਂ ਦੀ ਹੁਨਰ ਪੰਜਾਬ ਪੋਰਟਲ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਇਸ ਕਾਰਜ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ ਗਿਆ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਪਹਿਲਕਦਮੀ ਦਾ ਲਾਭ ਉਠਾ ਸਕਣ ਅਤੇ ਹੁਨਰ ਵਿਕਾਸ, ਉਦਯੋਗਿਕ ਸਿਖਲਾਈ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੁੜ ਸਕਣ।
ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ, ਪਲੇਸਮੈਂਟ ਪ੍ਰਕਿਰਿਆ, ਉਦਯੋਗਾਂ ਨਾਲ ਤਾਲਮੇਲ ਅਤੇ ਪੋਰਟਲ ’ਤੇ ਆਉਣ ਵਾਲੀਆਂ ਤਕਨੀਕੀ ਸਮੱਸਿਆਵਾਂ ਦੇ ਹੱਲ ਸਬੰਧੀ ਵਿਹਾਰਕ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ।
- Download Babushahi App
-
-