ਹੈਬੋਵਾਲ ਪੁਲਿਸ ਦੀ ਕਾਰਵਾਈ: ਚੋਰੀ ਦੇ ਦੋ ਮੋਟਰਸਾਈਕਲ ਤੇ ਲੋਹੇ ਦਾ ਦਾਤ ਬਰਾਮਦ
-ਪੁਲਿਸ ਰਿਮਾਂਡ ਦੌਰਾਨ ਹੋਈ ਦੂਜੀ ਬਰਾਮਦਗੀ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹੋਣ ਦਾ ਦਾਅਵਾ
ਸੁਖਮਿੰਦਰ ਭੰਗੂ
ਲੁਧਿਆਣਾ, 9 ਸਤੰਬਰ 2026- ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੈਬੋਵਾਲ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਅਨੁਸਾਰ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਥਾਣਾ ਹੈਬੋਵਾਲ ਦੀ ਪੁਲਿਸ ਪਾਰਟੀ ਵੱਲੋਂ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਹੈਬੋਵਾਲ ਦੀ ਅਗਵਾਈ ਹੇਠ ਕਾਰਵਾਈ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ 6 ਸਤੰਬਰ 2026 ਨੂੰ ਸੈਲਰ ਚੌਕ, ਹੈਬੋਵਾਲ ਕਲਾਂ ਵਿਖੇ ਨਾਕਾਬੰਦੀ ਦੌਰਾਨ ਮੁਖਬਰ ਖਾਸ ਦੀ ਸੂਚਨਾ ’ਤੇ ਗੁਰਵਿੰਦਰ ਸਿੰਘ ਉਰਫ਼ ਗਿੰਦਾ, ਪੁੱਤਰ ਸਾਧਾ ਸਿੰਘ, ਵਾਸੀ ਪਿੰਡ ਜੱਸੀਆ, ਡੇਰਾ ਕਾਲਾ ਸਿੰਘ, ਹੈਬੋਵਾਲ ਕਲਾਂ, ਲੁਧਿਆਣਾ ਨੂੰ ਕਾਬੂ ਕੀਤਾ ਗਿਆ। ਉਸਦੇ ਕਬਜ਼ੇ ਵਿੱਚੋਂ ਇੱਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਣ ਉਪਰੰਤ ਥਾਣਾ ਹੈਬੋਵਾਲ ਵਿੱਚ ਮੁਕੱਦਮਾ ਨੰਬਰ 234 ਮਿਤੀ 06-09-2026, ਧਾਰਾ 303(2), 317(2) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ 9 ਸਤੰਬਰ 2026 ਨੂੰ ਪੁਲਿਸ ਨੇ ਮਾਨ ਪੈਲੇਸ, ਹੈਬੋਵਾਲ ਕਲਾਂ ਨੇੜੇ ਇੱਕ ਖਾਲੀ ਪਲਾਟ ਵਿੱਚੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ ਹੋਰ ਚੋਰੀਸ਼ੁਦਾ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਗੁਰਵਿੰਦਰ ਸਿੰਘ ਉਰਫ਼ ਗਿੰਦਾ, ਪੁੱਤਰ ਸਾਧਾ ਸਿੰਘ, ਵਾਸੀ ਪਿੰਡ ਜੱਸੀਆ, ਡੇਰਾ ਕਾਲਾ ਸਿੰਘ, ਹੈਬੋਵਾਲ ਕਲਾਂ, ਲੁਧਿਆਣਾ ਹੈ। ਉਸਦੀ ਉਮਰ ਕਰੀਬ 48 ਸਾਲ ਦੱਸੀ ਗਈ ਹੈ।
ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀ, ਨਸ਼ੀਲੇ ਪਦਾਰਥਾਂ ਅਤੇ ਅਸਲਾ ਐਕਟ ਸਮੇਤ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਕੀਤੇ ਵਾਹਨਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-