ਹੈਲਥ ਐਂਡ ਫੈਮਿਲੀ ਵੈਲਫੇਅਰ ਦੀ ਖੇਤਰੀ ਟੀਮ ਵੱਲੋਂ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦਾ ਰੀਵਿਊ
ਅਸ਼ੋਕ ਵਰਮਾ
ਬਠਿੰਡਾ, 8 ਅਗਸਤ 2026 :ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਅਧੀਨ ਰੀਜਨਲ ਆਫਿਸ ਆਫ ਹੈਲਥ ਐਂਡ ਫੈਮਿਲੀ ਵੈਲਫੇਅਰ ਤੋਂ ਪਹੁੰਚੀ ਟੀਮ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਚੱਲ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਗਿਆ। ਟੀਮ ਦਾ ਮੁੱਖ ਕੰਮ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਨਿਗਰਾਨੀ, ਡਾਟਾ ਦਾ ਮੁਲਾਂਕਣ ਅਤੇ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਦੇਣਾ ਹੈ । ਟੀਮ ਵਿੱਚ ਸ਼ਾਮਿਲ ਮੈਂਬਰ ਡਾ ਮਾਯੁਰ ਆਹਲੂਵਾਲੀਆ, ਲੈਬ ਅਟੈਂਡੈਂਟ ਗੁਰਮੁੱਖ ਸਿੰਘ ਅਤੇ ਵਿਜੇ ਸੂਦ ਹਾਜਰ ਸਨ ।
ਇਸ ਮੌਕੇ ਟੀਮ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦੀ ਭੌਤਿਕ ਅਤੇ ਵਿੱਤੀ ਪ੍ਰਗਤੀ, ਟਾਰਗੇਟਾਂ ਦੀ ਪ੍ਰਾਪਤੀ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਰਿਕਾਰਡ ਅਤੇ ਆਨਲਾਈਨ ਡਾਟਾ ਦੀ ਸਥਿਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ।
ਟੀਮ ਵੱਲੋਂ ਰਾਸ਼ਟਰੀ ਪ੍ਰੋਗਰਾਮਾਂ ਅਧੀਨ ਹੋ ਰਹੀਆਂ ਗਤੀਵਿਧੀਆਂ, ਸਕਰੀਨਿੰਗ, ਜਾਗਰੂਕਤਾ ਗਤੀਵਿਧੀਆਂ, ਕੇਸਾਂ ਦੀ ਪਛਾਣ ਅਤੇ ਇਲਾਜ, ਰੈਫਰਲ ਸੇਵਾਵਾਂ ਅਤੇ ਫਾਲੋਅਪ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿੱਚ ਉਪਲਬਧ ਸਟਾਫ, ਦਵਾਈਆਂ, ਲੋੜੀਂਦੇ ਸਾਜ਼ੋ-ਸਾਮਾਨ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਵੀ ਜਾਣਕਾਰੀ ਲਈ ਗਈ। ਟੀਮ ਵੱਲੋਂ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਡਾਟਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਯੋਗ ਲਾਭਪਾਤਰੀਆਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਲੋੜੀਂਦੇ ਸੁਝਾਅ ਦਿੱਤੇ ਗਏ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਕਿਹਾ ਕਿ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦਾ ਸਮੇਂ-ਸਮੇਂ ’ਤੇ ਕੀਤਾ ਜਾਂਦਾ ਰੀਵਿਊ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਉਣ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗੀ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਨਾਲ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਦਿਆਂ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਰੀਵਿਊ ਟੀਮ ਵੱਲੋਂ ਦਿੱਤੇ ਸੁਝਾਵਾਂ ਨੂੰ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਲਾਗੂ ਕੀਤਾ ਜਾਵੇਗਾ।
- Download Babushahi App
-
-