ਹੜਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਦਾਣਾ ਮੰਡੀਆਂ ਵਿੱਚ ਕੀਤੇ ਸੁਚੱਜੇ ਪ੍ਰਬੰਧ-ਵਿਧਾਇਕ ਸ਼ੈਰੀ ਕਲਸੀ
ਕਿਹਾ- ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ,18 ਸਤੰਬਰ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਝੋਨੇ ਦੇ ਖਰੀਦ ਸੀਜਨ ਨੂੰ ਯਕੀਨੀ ਬਣਾਉਣ ਲਈ ਦਿ੍ਰੜ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਭਰ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕੋਈ ਮੁਸਕਿਲ ਦਰਪੇਸ਼ ਨਾ ਆਵੇ।
ਉਨ੍ਹਾਂ ਨੇ ਕਿਹਾ ਕਿ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਉਨਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਪਹਿਲਾਂ ਹੀ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਹਾਸਿਲ ਕਰ ਲਈ ਹੈ। ਉਨਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗ ਵਲੋਂ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲਾ ਪ੍ਰਸਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਬਿਜਲੀ, ਸਾਫ ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੰਡੀਆਂ/ਖਰੀਦ ਕੇਂਦਰ ਕਾਰਜਸ਼ੀਲ ਕੀਤੇ ਹਨ।