ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 16 ਜਨਵਰੀ 2026 : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ 27 ਤੋਂ 30 ਜਨਵਰੀ ਤੱਕ ਆਮ ਖਾਸ ਬਾਗ ਸਰਹਿੰਦ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ , ਉਹਨਾਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਇਹ ਮੇਲਾ ਸਾਂਝੇ ਤੌਰ ਤੇ ਕਰਵਾਇਆ ਜਾ ਰਿਹਾ ਹੈ
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇੱਕ ਉੱਚ ਪੱਧਰੀ ਉਪਰਾਲਾ ਹੈ ਜਿੱਥੇ ਘਰਾਂ ਵਿੱਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਅਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ , ਉਹਨਾਂ ਦੱਸਿਆ ਕਿ ਇਸ ਦੌਰਾਨ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਸਟਾਲਾਂ ਵੀ ਲਗਾਈਆਂ ਜਾਣਗੀਆਂ ਅਤੇ ਮੇਲੇ ਦਾ ਆਰੰਭ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਵੇਗਾ , ਸੁਰਿੰਦਰ ਸਿੰਘ ਧਾਲੀਵਾਲ ਨੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ , ਉਹਨਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਿਲਕਕਾਰਾਂ ਅਤੇ ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ
ਵਧੀਕ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਨਣ ਲਈ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ