ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ
27 ਸਤੰਬਰ ਨੂੰ ਪਿੰਡ ਮਲਕਪੁਰ, ਚਨਾਰਥਲ ਖੁਰਦ, ਚਰਨਾਰਥਲ ਕਲਾਂ, ਚਹਿਲਾਂ, ਅਲਦਾਦਪੁਰ ਅਤੇ ਲੱਖਾ ਸਿੰਘ ਵਾਲਾ ਵਿੱਚ ਦਿਖਾਈ ਜਾਵੇਗੀ ਦਸਤਾਵੇਜ਼ੀ ਫ਼ਿਲਮ
(ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 26 ਸਤੰਬਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਬੀਤੀ ਰਾਤ ਡਾਕੂਮੈਂਟਰੀ ਵੈਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਮੁੱਲਾਂਪੁਰ ਖੁਰਦ, ਮੂਲੇਪੁਰ, ਨਲੀਨੀ, ਅੰਨ੍ਹੀਆਂ, ਭੋਲੀਆਂ ਅਤੇ ਬੈਨੀ ਜੇਰ ਵਿਖੇ ਪਹੁੰਚੀ, ਜਿਥੇ ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਪਿੰਡਾਂ ਦੇ ਲੋਕਾਂ ਨੇ ਇਹ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।
ਮਿਤੀ 27 ਸਤੰਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਮਲਕਪੁਰ, ਚਨਾਰਥਲ ਖੁਰਦ, ਚਰਨਾਰਥਲ ਕਲਾਂ, ਬਲਾਕ ਅਮਲੋਹ ਦੇ ਪਿੰਡ ਚਹਿਲਾਂ, ਅਲਦਾਦਪੁਰ ਅਤੇ ਲੱਖਾ ਸਿੰਘ ਵਾਲਾ ਵਿੱਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 05 ਵਜੇ, 06 ਵਜੇ ਅਤੇ 07 ਵਜੇ ਸ਼ੁਰੂ ਹੋਣਗੇ।
ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਨਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
- Download Babushahi App
-
-