ਫ਼ਿਲਮ 'ਸਤਲੁਜ' 'ਤੇ ਪਾਬੰਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ- SGPC ਮੈਂਬਰ
ਮਲਕੀਤ ਸਿੰਘ ਮਲਕਪੁਰ
ਲਾਲੜੂ 7 ਜੁਲਾਈ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਨਿਰਮੈਲ ਸਿੰਘ ਜੌਲਾ ਨੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' (ਮੂਲ ਸਿਰਲੇਖ 'ਪੰਜਾਬ 95') ਨੂੰ ਭਾਰਤ ਵਿੱਚ ਰਿਲੀਜ਼ ਨਾ ਹੋਣ ਅਤੇ ਓਟੀਟੀ ਪਲੇਟਫਾਰਮ ਜੀ-5 ਤੋਂ ਹਟਾਏ ਜਾਣ ਦੇ ਮਾਮਲੇ 'ਤੇ ਭਾਰਤ ਸਰਕਾਰ ਅਤੇ ਸੁਰੱਖਿਆ ਤੰਤਰ ਦੀ ਸਖ਼ਤ ਆਲੋਚਨਾ ਕੀਤੀ ਹੈ। ਜੌਲਾ ਨੇ ਕਿਹਾ ਕਿ ਕਿਸੇ ਫ਼ਿਲਮ 'ਤੇ ਪਾਬੰਦੀ ਲਗਾਉਣ ਨਾਲ 1980-90 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਅਤੇ ਕਥਿਤ ਪੁਲਿਸ ਅੱਤਿਆਚਾਰਾਂ ਦੀਆਂ ਯਾਦਾਂ ਨੂੰ ਮਿਟਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਉਜਾਗਰ ਕਰਨ ਲਈ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਕਥਿਤ ਅਣਮਨੁੱਖੀ ਤਸ਼ੱਦਦ ਦੀਆਂ ਅਸਲ ਘਟਨਾਵਾਂ ਫ਼ਿਲਮ ਵਿੱਚ ਦਿਖਾਏ ਗਏ ਦ੍ਰਿਸ਼ਾਂ ਨਾਲੋਂ ਵੀ ਕਿਤੇ ਵੱਧ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀਆਂ ਸਨ। ਸ੍ਰ.ਜੌਲਾ ਨੇ ਦੋਸ਼ ਲਾਇਆ ਕਿ ਅਜਿਹੇ ਮਾਮਲਿਆਂ ਦੀ ਸੱਚਾਈ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ 'ਤੇ ਖੁੱਲ੍ਹੀ ਚਰਚਾ ਕਰਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਸਕ੍ਰੀਨਿੰਗ 'ਤੇ ਰੋਕ ਲਗਾਉਣਾ ਪ੍ਰਗਟਾਵੇ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਫ਼ਿਲਮ 'ਤੇ ਪਾਬੰਦੀ ਲਗਾ ਕੇ ਸਰਕਾਰ ਨੇ ਅਸਿੱਧੇ ਤੌਰ 'ਤੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ। ਜੌਲਾ ਨੇ ਮੰਗ ਕੀਤੀ ਕਿ ਫ਼ਿਲਮ 'ਤੇ ਲਗਾਈ ਗਈ ਪਾਬੰਦੀ ਹਟਾਈ ਜਾਵੇ ਤਾਂ ਜੋ ਲੋਕ ਇਸ ਨੂੰ ਦੇਖ ਕੇ ਆਪਣੇ ਤੌਰ 'ਤੇ ਰਾਇ ਕਾਇਮ ਕਰ ਸਕਣ।
- Download Babushahi App
-
-