“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ ਕਰਕੇ 946 ਕਾਬੂ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 05 ਨਵੰਬਰ 2026:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ, ਚੈਕਿੰਗ, ਛਾਪੇਮਾਰੀ ਅਤੇ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਬਰਾਮਦਗੀ
ਪਿਛਲੇ 3 ਮਹੀਨਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ ਕਰਕੇ 946 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਦੌਰਾਨ ਪੁਲਿਸ ਵੱਲੋਂ ਹੇਠ ਲਿਖੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ:
- ਹੈਰੋਇਨ – 1.572 ਕਿੱਲੋਗ੍ਰਾਮ
- ਪੋਸਤ – 264.685 ਕਿਲੋਗ੍ਰਾਮ
- ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ – 105070
- ਅਫ਼ੀਮ - 30 ਗ੍ਰਾਮ
- ਗਾਂਜਾ – 120 ਗ੍ਰਾਮ
- ਪ੍ਰੇਗਾ ਨਸ਼ੀਲੇ ਕੈਪਸੂਲ – 26620
ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਮੁੱਖ ਵਿਅਕਤੀਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਨਸ਼ਾ ਛੱਡਣ ਵਾਲਿਆਂ ਲਈ ਇਲਾਜ ਅਤੇ ਕਾਉਂਸਲਿੰਗ ’ਤੇ ਵੀ ਜ਼ੋਰ
ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਹੈ। ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ, ਕਾਉਂਸਲਿੰਗ ਅਤੇ ਪੁਨਰਵਾਸ ਰਾਹੀਂ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੁਲਿਸ ਵੱਲੋਂ ਜਾਗਰੂਕਤਾ ਗਤੀਵਿਧੀਆਂ ਵੀ ਲਗਾਤਾਰ ਜਾਰੀ ਹਨ।
ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੀ ਕਾਰਵਾਈ
NDPS ਐਕਟ ਅਧੀਨ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਦੀ ਵੈਰੀਫਿਕੇਸ਼ਨ ਕਰਵਾਉਣ ਉਪਰੰਤ, ਕਾਨੂੰਨ ਅਨੁਸਾਰ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਆਰਥਿਕ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੇ ਕਾਰੋਬਾਰ ਤੋਂ ਹੋਣ ਵਾਲੀ ਗੈਰ-ਕਾਨੂੰਨੀ ਕਮਾਈ ’ਤੇ ਰੋਕ ਲਗਾਉਣਾ ਹੈ।
ਐਸ.ਐਸ.ਪੀ. ਵੱਲੋਂ ਲੋਕਾਂ ਨੂੰ ਅਪੀਲ – ਨਸ਼ਿਆਂ ਵਿਰੁੱਧ ਲੜਾਈ ਸਾਂਝੀ ਜ਼ਿੰਮੇਵਾਰੀ
ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ, ਸਪਲਾਈ ਕਰਨ ਜਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ।
ਪੁਲਿਸ ਵੱਲੋਂ ਪ੍ਰਾਪਤ ਹੋਣ ਵਾਲੀ ਹਰ ਸੂਚਨਾ ’ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਦੀ ਸਿਰਜਣਾ ਲਈ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਸੇਫ ਪੰਜਾਬ ਹੈਲਪਲਾਈਨ: 97791-00200
ਪੁਲਿਸ ਕੰਟਰੋਲ ਰੂਮ: 80549-42100
- Download Babushahi App
-
-