2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਏ ਪ੍ਰੇਮ ਸਿੰਘ ਭੰਗੂ
ਹਲਕਾ ਜਗਰਾਉਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ, ਸਰਪੰਚਾਂ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ
ਜਗਰਾਉਂ, 18 ਸਤੰਬਰ (ਦੀਪਕ ਜੈਨ)
ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ, ਰਿਟਾਇਰਡ ਇੰਸਪੈਕਟਰ ਅਤੇ ਉੱਘੇ ਸਮਾਜ ਸੇਵੀ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਨੇੜਲੇ ਪਿੰਡਾਂ ਦੇ ਸਰਪੰਚਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਹਾਜ਼ਰੀ ਭਰੀ ਅਤੇ ਹਲਕੇ ਦੇ ਮੌਜੂਦਾ ਹਾਲਾਤ, ਪਿੰਡਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹਲਕਾ ਜਗਰਾਉਂ ਉਨ੍ਹਾਂ ਲਈ ਸਿਰਫ਼ ਇੱਕ ਚੋਣ ਹਲਕਾ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੱਕ ਸਰਕਾਰੀ ਸੇਵਾ ਵਿੱਚ ਰਹਿੰਦਿਆਂ ਉਨ੍ਹਾਂ ਨੇ ਜਗਰਾਉਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਨੇੜਿਓਂ ਦੇਖਿਆ ਹੈ ਅਤੇ ਸੇਵਾ ਮੁਕਤੀ ਤੋਂ ਬਾਅਦ ਵੀ ਉਹ ਲਗਾਤਾਰ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਰਾਜਨੀਤੀ ਵਿੱਚ ਆ ਕੇ ਕਿਸੇ ਅਹੁਦੇ ਦੀ ਲਾਲਸਾ ਪੂਰੀ ਕਰਨਾ ਨਹੀਂ, ਬਲਕਿ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਹਲਕੇ ਦੇ ਵਿਕਾਸ ਲਈ ਕੰਮ ਕਰਨਾ ਹੈ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਪਿੰਡਾਂ ਦੇ ਸਰਪੰਚ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ ਅਤੇ ਪਿੰਡਾਂ ਦੀਆਂ ਅਸਲ ਸਮੱਸਿਆਵਾਂ ਬਾਰੇ ਸਭ ਤੋਂ ਵੱਧ ਜਾਣਕਾਰੀ ਉਨ੍ਹਾਂ ਕੋਲ ਹੁੰਦੀ ਹੈ। ਇਸ ਲਈ ਪਿੰਡਾਂ ਦੇ ਵਿਕਾਸ ਸਬੰਧੀ ਕੋਈ ਵੀ ਯੋਜਨਾ ਬਣਾਉਣ ਸਮੇਂ ਪੰਚਾਇਤੀ ਨੁਮਾਇੰਦਿਆਂ ਦੀ ਰਾਏ ਨੂੰ ਪਹਿਲ ਦੇਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਬਚਾਉਣਾ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ, ਲਾਇਬ੍ਰੇਰੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾ ਸਕਣ।
ਉਨ੍ਹਾਂ ਨੇ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡਾਂ ਦੀਆਂ ਜ਼ਰੂਰੀ ਸਮੱਸਿਆਵਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਯੋਗ ਪੱਧਰ ’ਤੇ ਉਠਾਇਆ ਜਾ ਸਕੇ।
ਮੀਟਿੰਗ ਦੌਰਾਨ ਹਾਜ਼ਰ ਸਰਪੰਚਾਂ ਵੱਲੋਂ ਵੀ ਆਪਣੇ-ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸਬੰਧੀ ਪ੍ਰੇਮ ਸਿੰਘ ਭੰਗੂ ਨਾਲ ਵਿਚਾਰ ਸਾਂਝੇ ਕੀਤੇ ਗਏ। ਸਰਪੰਚਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਲਈ ਉਹ ਹਰ ਸੰਭਵ ਸਹਿਯੋਗ ਦੇਣਗੇ। ਇਸ ਮੌਕੇ ਸਰਪੰਚਾਂ ਵੱਲੋਂ ਪ੍ਰੇਮ ਸਿੰਘ ਭੰਗੂ ਨਾਲ ਚੋਣਾਂ ਅਤੇ ਹਲਕੇ ਦੀ ਭਵਿੱਖੀ ਰਾਜਨੀਤੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਪੰਚਾਇਤੀ ਨੁਮਾਇੰਦਿਆਂ ਤੋਂ ਇਲਾਵਾ ਸਰਪੰਚ ਜਗਦੀਸ਼ ਸ਼ਰਮਾ, ਸਰਪੰਚ ਜੀਤ ਸਿੰਘ ਸਿਵੀਆਂ, ਸਰਪੰਚ ਕੁਲਦੀਪ ਸਿੰਘ ਸਿੱਧਵਾਂ, ਸਰਪੰਚ ਗੁਰਮੇਲ ਸਿੰਘ ਭੰਮੀਪੁਰਾ, ਸਰਪੰਚ ਸੁਖਜੀਤ ਸਿੰਘ ਅਖਾੜਾ, ਸਰਪੰਚ ਸੁੰਦਰ ਸਿੰਘ ਰਾਮਗੜ੍ਹ, ਰੇਸ਼ਮ ਸਿੰਘ ਸਿਵੀਆਂ, ਰਾਮ ਸਿੰਘ ਸਿਵੀਆਂ, ਵੀਰਪਾਲ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ, ਪਿਰਥੀ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਕਰਤਾਰ ਸਿੰਘ, ਸੁਖਦੇਵ ਸਿੰਘ ਮੱਲ੍ਹੀ, ਕੁਲਵੰਤ ਸਿੰਘ ਭੰਮੀਪੁਰਾ, ਪ੍ਰਧਾਨ ਸੰਦੀਪ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ ਭੁੱਲਰ, ਸੁਖਦੇਵ ਸਿੰਘ, ਹਰਮਨਦੀਪ ਸਿੰਘ, ਹਰਮਨ ਸਿੰਘ, ਵਿੱਕੀ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ ਆਦਿ ਇਲਾਕੇ ਦੇ ਪਤਵੰਤੇ ਸੱਜਣ ਅਤੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।
- Download Babushahi App
-
-