71 ਸਾਲਾ ਲਖਵੀਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਦੋ ਦੌੜਾਂ ’ਚ ਹਾਸਲ ਕੀਤਾ ਪਹਿਲਾ ਸਥਾਨ
100 ਮੀਟਰ ਦੌੜ 16 ਸੈਕਿੰਡ ਅਤੇ 400 ਮੀਟਰ ਦੌੜ 1 ਮਿੰਟ 34 ਸੈਕਿੰਡ ਵਿੱਚ ਕੀਤੀ ਪੂਰੀ
ਰੂਪਨਗਰ, 11 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਅਥਲੈਟਿਕਸ ਮੁਕਾਬਲਿਆਂ ਦੌਰਾਨ 70 ਸਾਲ ਤੋਂ ਉੱਪਰ ਉਮਰ ਵਰਗ ਵਿੱਚ ਪਿੰਡ ਚੋਂਤਾਂ ਕਲਾਂ ਦੇ 71 ਸਾਲਾ ਲਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਅਤੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਲਖਵੀਰ ਸਿੰਘ ਨੇ 100 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਦੌੜ 16 ਸੈਕਿੰਡ ਵਿੱਚ ਪੂਰੀ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 400 ਮੀਟਰ ਦੌੜ ਵਿੱਚ ਵੀ ਉਨ੍ਹਾਂ ਨੇ ਆਪਣੀ ਗਤੀ ਅਤੇ ਜੋਸ਼ ਦਾ ਪ੍ਰਦਰਸ਼ਨ ਕਰਦਿਆਂ 1 ਮਿੰਟ 34 ਸੈਕਿੰਡ ਵਿੱਚ ਦੌੜ ਪੂਰੀ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਸਰੀਰਕ ਮਿਹਨਤ ਦੇ ਨਾਲ-ਨਾਲ ਘਰ ਦੇ ਬਣੇ ਭੋਜਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਸਰਗਰਮ ਜੀਵਨ ਲਈ ਖਾਣ-ਪੀਣ ਦੀਆਂ ਆਦਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਅਤੇ ਸਰੀਰਕ ਤੌਰ ’ਤੇ ਸਰਗਰਮ ਰਹਿਣਾ ਬਹੁਤ ਜ਼ਰੂਰੀ ਹੈ।
ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਫਾਸਟ ਫੂਡ ਤੋਂ ਪਰਹੇਜ਼ ਕਰਨ ਅਤੇ ਘਰ ਦੇ ਬਣੇ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੀ ਆਪਣੀ ਖੇਡ ਪ੍ਰਾਪਤੀ ਇਸ ਗੱਲ ਦੀ ਪ੍ਰੇਰਣਾਦਾਇਕ ਉਦਾਹਰਨ ਹੈ ਕਿ ਨਿਯਮਤ ਸਰੀਰਕ ਸਰਗਰਮੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਅਪਣਾ ਕੇ ਵਧਦੀ ਉਮਰ ਵਿੱਚ ਵੀ ਵਿਅਕਤੀ ਸਰਗਰਮ ਰਹਿ ਸਕਦਾ ਹੈ।
ਲਖਵੀਰ ਸਿੰਘ ਨੇ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਲਖਵੀਰ ਸਿੰਘ ਵੱਲੋਂ 71 ਸਾਲ ਦੀ ਉਮਰ ਵਿੱਚ 100 ਮੀਟਰ ਅਤੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਹੈ, ਸਗੋਂ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਤੰਦਰੁਸਤ ਜੀਵਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਾਲੀ ਇੱਕ ਪ੍ਰੇਰਣਾਦਾਇਕ ਮਿਸਾਲ ਵੀ ਹੈ।
- Download Babushahi App
-
-