75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ: ਸੁਖਵਿੰਦਰ ਬਿੰਦਰਾ ਨੇ ਟੀਮ ਦਾ ਵਧਾਇਆ ਹੌਂਸਲਾ
ਲੁਧਿਆਣਾ, 31 ਦਸੰਬਰ 2025 - ਅੱਜ 75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਈ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੀ ਹਾਜ਼ਰ ਰਹੇ। ਇਸ ਦੇ ਨਾਲ ਹੀ ਇਸ ਮੌਕੇ ਡੀਸੀਪੀ ਪੀਐਸ ਭੰਡਾਲ ਵੀ ਮੌਜੂਦ ਰਹੇ।
ਸੁਖਵਿੰਦਰ ਸਿੰਘ ਬਿੰਦਰਾ ਨੇ ਚੁਣੀ ਹੋਈ ਟੀਮ ਨੂੰ ਵਧਾਈ ਦਿੱਤੀ ਅਤੇ ਅਗਾਮੀ ਮੈਚਾਂ 'ਚ ਵਧੀਆ ਪ੍ਰਦਰਸ਼ਨ ਕਰਕੇ ਜਿੱਤ ਦਰਜ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ।
ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।
ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) 'ਚ ਸਟੇਟ ਚੇਅਰਪਰਸਨ ਰਹਿ ਚੁੱਕੇ ਹਨ। ਸਟੇਟ ਚੇਅਰਪਰਸਨ ਰਹਿੰਦਿਆਂ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਕੰਮ ਕੀਤੇ ਹਨ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਮੁਫ਼ਤ ਖੇਡ ਕਿੱਟਾਂ ਵੀ ਵੰਡਦੇ ਰਹਿੰਦੇ ਸਨ। ਇਸ ਤੋਂ ਇਲਾਵਾ ਜਿਸ ਵੀ ਖਿਡਾਰੀ ਨੂੰ ਜਦ ਕੋਈ ਮੁਸ਼ਕਿਲ ਆਉਂਦੀ ਸੀ ਤਾਂ ਉਸ ਦਾ ਹੱਲ ਕੀਤਾ ਜਾਂਦਾ ਸੀ, ਉਨ੍ਹਾਂ ਦੇ ਖੇਡ ਜੀਵਨ 'ਚ ਕੋਈ ਰੁਕਾਵਟ ਨਾ ਪਵੇ ਇਸ ਲਈ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਸੀ, ਹੁਣ ਵੀ ਸਾਡੇ ਵਿਭਾਗ ਵੱਲੋਂ ਖਿਡਾਰੀਆਂ ਨਾਲ ਪੂਰਾ ਸਹਿਯੋਗ ਕੀਤਾ ਜਾਂਦਾ ਹੈ।
ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।